ਅਧਿਆਪਕ ਯੂਨੀਅਨ ਵੱਲੋਂ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

0
25
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ/ਭਵਾਨੀਗੜ੍ਹ, 28 ਜੁਲਾਈ,
ਆਦਰਸ਼ ਸਕੂਲ ਅਧਿਆਪਕ ਯੂਨੀਅਨ ਪੰਜਾਬ (ਪੀਪੀਪੀ ਤਰਜ਼ ਵਾਲੇ) ਅਤੇ ਦਰਜਾ ਚਾਰ ਮੁਲਾਜ਼ਮ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਆਉਣ ਵਾਲੀ 7 ਅਗਸਤ ਦਿਨ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨਗੇ ਅਤੇ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਦੁਹਾਈ ਦੇਣਗੇ।
ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਮੱਖਣ ਸਿੰਘ ਬੀਰ, ਸੂਬਾ ਕਮੇਟੀ ਮੈਂਬਰ ਕੁਲਵੀਰ ਜਖੇਪਲ, ਸੁਖਵੀਰ ਸਿੰਘ, ਪ੍ਰੈੱਸ ਸਕੱਤਰ ਸਲੀਮ ਖਾਨ, ਜਗਤਾਰ ਗੰਢੂਆਂ, ਦੀਪਕ ਸਿੰਗਲਾ ਨੇ ਸਾਂਝੇ ਤੌਰ ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਸੂਬੇ ਦੇ ਆਦਰਸ਼ ਸਕੂਲਾਂ ਮੁਲਾਜ਼ਮਾਂ ਦੀਆਂ ਮੰਗਾਂ ਜਾਣ-ਬੁੱਝ ਕੇ ਅੱਖੋਂ ਓਹਲੇ ਕਰਕੇ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ। ਜਦੋਂ ਕਿ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
ਆਗੂਆਂ ਨੇ ਕਿਹਾ ਹੈ ਕਿ 22 ਜੁਲਾਈ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਪੈਨਲ ਮੀਟਿੰਗ ਵਿੱਚ ਆਦਰਸ਼ ਸਕੂਲਾਂ ਦੇ ਬੱਚਿਆਂ, ਅਧਿਆਪਕਾਂ, ਦਰਜਾ ਚਾਰ ਮੁਲਾਜ਼ਮਾਂ ਪੱਖੀ ਠੋਸ ਨੀਤੀ ਬਣਾਉਣ ਦੀ ਮੰਗ ਕਬੂਲੀ ਗਈ ਹੈ। ਇਨ੍ਹਾਂ ਅਦਾਰਿਆਂ ਦੇ ਮੁਲਾਜ਼ਮਾਂ ਦੀਆਂ ਨੌਕਰੀਆਂ ਪੱਕੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਜਦਕਿ ਇਹਨਾਂ ਸਕੂਲਾਂ ਦੇ ਮੁਲਾਜ਼ਮ ਬਾਰਾਂ ਬਾਰਾਂ ਸਾਲਾਂ ਤੋਂ ਕੱਚੀਆਂ ਨੌਕਰੀਆਂ ਕਰਨ ਲਈ ਮਜਬੂਰ ਹਨ। 2019 ਵਿੱਚ ਹੋਈ ਹੈੱਡ ਟੀਚਰ/ਸੈਂਟਰ ਹੈਡ ਟੀਚਰ (HT/CHT) ਦੀ ਸਿੱਧੀ ਭਰਤੀ ਵਿਚ ਆਦਰਸ਼ ਸਕੂਲਾਂ ਦਾ ਤਜ਼ਰਬਾ ਮੰਨ ਕੇ ਤੁਰੰਤ ਜੁਆਇੰਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ ਜਦਕਿ ਪਿਛਲੀ ਸਰਕਾਰ ਨੇ ਕੇਵਲ ਤਜਰਬਾ ਨਾ ਮੰਨ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਨਿਯੁਕਤੀ ਇੱਕ ਸਾਜ਼ਿਸ਼ ਤਹਿਤ ਰੋਕ ਲਈ ਸੀ। ਉਨ੍ਹਾਂ ਕਿਹਾ ਕਿ ਇਹ ਅਧਿਆਪਕ ਸਮੁੱਚੀ ਭਰਤੀ ਪ੍ਰਕਿਰਿਆ ਪੂਰੀ ਕਰ ਚੁੱਕੇ ਹਨ, ਪਰ ਵਿਭਾਗ ਅਜੇ ਵੀ ਹੁਕਮਾਂ ਤੇ ਅਮਲ ਕਰਦਾ ਨਜ਼ਰ ਨਹੀਂ ਆ ਰਿਹਾ ਹੈ।
ਉਹਨਾਂ ਕਿਹਾ ਕਿ ਵੱਖ-ਵੱਖ ਸਮਿਆਂ ਤੇ ਮੈਨੇਜਮੈਂਟਾਂ ਵੱਲੋਂ ਨੌਕਰੀਓ ਕੱਢੇ ਅਧਿਆਪਕਾਂ ਨੂੰ ਵੀ ਅਜੇ ਤੱਕ ਬਹਾਲ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਮਾਮ ਮੰਗਾਂ ਨੂੰ ਲੈ ਕੇ ਸਮੁੱਚੇ ਪੰਜਾਬ ਦੇ ਆਦਰਸ਼ ਸਕੂਲਾਂ ਦੇ ਮੁਲਾਜ਼ਮ 7 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਕੇ ਆਪਣੀਆਂ ਮੰਗਾਂ ਦੀ ਦੁਹਾਈ ਪਾਉਣਗੇ।
Google search engine

LEAVE A REPLY

Please enter your comment!
Please enter your name here