-ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਚੇਤਨ ਸਿੰਘ ਜੌੜਾਮਾਜਰਾ
ਸਮਾਣਾ/ਪਟਿਆਲਾ, 8 ਅਪ੍ਰੈਲ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਦੀ ਅਨਾਜ ਮੰਡੀ ‘ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਇਸ ਮੌਕੇ ਉਨ੍ਹਾਂ ਪਿੰਡ ਗਾਜੀਪੁਰ ਦੇ ਕਿਸਾਨ ਗੁਰਮੀਤ ਸਿੰਘ ਦੀ ਢੇਰੀ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।
ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਬਰਸਾਤ ਤੇ ਗੜ੍ਹੇਮਾਰੀ ਕਾਰਨ ਸੂਬੇ ਦੇ ਕਿਸਾਨਾਂ ਦੀ ਹੋਈ ਫ਼ਸਲ ਦੇ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਕੇ ਰਿਪੋਰਟ ਭੇਜਣ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਕੇ ਰਾਹਤ ਦੇਣ ਲਈ ਹਦਾਇਤ ਕੀਤੀ ਗਈ ਹੈ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚ ਸਥਾਪਤ 108 ਮੰਡੀਆਂ ‘ਚ ਕਣਕ ਦੀ ਸੁਚਾਰੂ ਖਰੀਦ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ਅਤੇ ਮੰਡੀਆਂ ‘ਚ ਬਾਰਦਾਨੇ ਸਮੇਤ ਬਰਸਾਤਾਂ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਲੋੜ ਮੁਤਾਬਕ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ‘ਚ ਸੁੱਕੀ ਹੋਈ ਕਣਕ ਹੀ ਲੈਕੇ ਆਉਣ ਤਾਂ ਜੋ ਮੰਡੀ ‘ਚ ਆਈ ਕਣਕ ਦੀ ਨਾਲੋ ਨਾਲ ਖਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੀਦੀ ਜਿਣਸ ਦੀ ਅਦਾਇਗੀ ਨਾਲੋਂ ਨਾਲ ਕਰਵਾਈ ਜਾ ਰਹੀ ਹੈ।
ਇਸ ਮੌਕੇ ਬਲਕਾਰ ਸਿੰਘ ਗੱਜੂਮਾਜਰਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਐਸ.ਡੀ.ਐਮ. ਚਰਨਜੀਤ ਸਿੰਘ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਡਾ. ਮਦਨ ਮਿੱਤਲ, ਆੜਤੀਆ ਐਸੋਸੀਏਸ਼ਨ ਪ੍ਰਧਾਨ ਸੰਦੀਪ ਕੁਮਾਰ, ਟਰੱਕ ਯੂਨੀਅਨ ਪ੍ਰਧਾਨ ਜਤਿੰਦਰ ਸਿੰਘ ਝੰਡ, ਕ੍ਰਿਸ਼ਨ ਗੋਪਾਲ, ਜੀਵਨ ਕੁਮਾਰ, ਪਵਨ ਕੁਮਾਰ, ਮਿੰਨਾ, ਨਰਿੰਦਰ ਕੁਮਾਰ, ਸੁਸ਼ੀਲ ਕੁਮਾਰ ਕਾਕਾ, ਸੁਮਿਤ ਗਰਗ, ਅਮਿਤ ਗਰਗ ਸੋਨੀ, ਗੁਰਚਰਨ ਘੰਗਰੋਲੀ ਸਮੇਤ ਕਿਸਾਨ ਤੇ ਆੜਤੀਏ ਮੌਜੂਦ ਸਨ। ਇਸ ਦੌਰਾਨ ਆੜਤੀਆ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਦਾ ਮੰਡੀ ‘ਚ ਪੁੱਜਣ ‘ਤੇ ਸਵਾਗਤਕੀਤਾਗਿਆ।
ਕੈਪਸ਼ਨ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਦੀ ਅਨਾਜ ਮੰਡੀ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ।