ਰਿਟਰਨਿੰਗ ਅਫ਼ਸਰ ਵੱਲੋਂ ਪੋਲਿੰਗ ਬੂਥਾਂ ਦੇ 100 ਮੀਟਰ ਦੇ ਦਾਇਰੇ ਵਿੱਚ ਪੂਰੀ ਚੌਕਸੀ ਵਰਤਣ ਦੇ ਆਦੇਸ਼

ਸੰਗਰੂਰ, 16 ਜੂਨ: (ਭੁਪਿੰਦਰ ਵਾਲੀਆ)
ਰਿਟਰਨਿੰਗ ਅਫ਼ਸਰ-ਕਮ-ਜ਼ਿਲਾ ਚੋਣ ਅਫ਼ਸਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ ਸ਼੍ਰੀ ਮਨਦੀਪ ਸਿੰਘ ਸਿੱਧੂ, ਵਧੀਕ ਜ਼ਿਲਾ ਚੋਣ ਅਫ਼ਸਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਤੇ ਐਸ.ਪੀ ਹੈਡਕੁਆਟਰ ਸ਼੍ਰੀ ਜਸਵੀਰ ਸਿੰਘ ਸਮੇਤ ਹੋਰ ਅਧਿਕਾਰੀਆਂ ਨਾਲ ਲੋਕ ਸਭਾ ਹਲਕਾ 12-ਸੰਗਰੂਰ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਬਾਰੇ ਵਿਸਤਿ੍ਰਤ ਸਮੀਖਿਆ ਮੀਟਿੰਗ ਕੀਤੀ। ਸ਼੍ਰੀ ਜੋਰਵਾਲ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਲੋਕ ਸਭਾ ਹਲਕੇ ਵਿੱਚ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਦੀਆਂ ਵੱਖ ਵੱਖ ਕੰਪਨੀਆਂ ਸੁਰੱਖਿਆ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਹਨ ਅਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਵੋਟਾਂ ਵਾਲੇ ਦਿਨ ਭਾਵ 23 ਜੂਨ ਨੂੰ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪੂਰੀ ਚੌਕਸੀ ਵਰਤੀ ਜਾਵੇ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਤੇ ਕਾਨੂੰਨ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਸ ਘੇਰੇ ਅੰਦਰ ਕਿਸੇ ਵੀ ਉਮੀਦਵਾਰ ਜਾਂ ਪਾਰਟੀ ਦੇ ਚੋਣ ਨਿਸ਼ਾਨ, ਝੰਡੇ ਜਾਂ ਸੰਕੇਤ ਨੂੰ ਲਗਾਉਣ ਦੀ ਪ੍ਰਵਾਨਗੀ ਨਹੀਂ ਹੋਵੇਗੀ । ਉਹਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਵੱਖ-ਵੱਖ ਟੀਮਾਂ ਦੀ ਤੈਨਾਤੀ ਦੇ ਨਾਲ-ਨਾਲ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਲਗਾਤਾਰ ਜਾਣੂੰ ਕਰਵਾਇਆ ਜਾ ਰਿਹਾ ਹੈ।
ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਦੇਸ਼ ਦੇ ਕੁਝ ਸੂਬਿਆਂ ਵਿੱਚ ਕੋਵਿਡ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਮਹਾਂਮਾਰੀ ਤੋਂ ਬਚਾਅ ਲਈ ਸਾਰੇ ਪੋਲਿੰਗ ਸਟਾਫ਼ ਵੱਲੋਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆਂ ਜਾਣ ਅਤੇ ਸਿਵਲ ਸਰਜਨ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਪੋਲਿੰਗ ਬੂਥਾਂ ਤੇ ਗਿਣਤੀ ਕੇਂਦਰਾਂ ਵਿਖੇ ਕੋਵਿਡ ਬਾਇਓ ਮੈਡੀਕਲ ਵੇਸਟ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ। ਸ਼੍ਰੀ ਜੋਰਵਾਲ ਵੱਲੋਂ ਦਿਵਿਆਂਗ ਵੋਟਰਾਂ ਦੀ ਸੁਵਿਧਾ ਲਈ ਕੀਤੇ ਪ੍ਰਬੰਧਾਂ ਬਾਰੇ ਵੀ ਜਾਇਜ਼ਾ ਲਿਆ ਗਿਆ। ਉਨਾਂ ਪੋਲਿੰਗ ਪਾਰਟੀਆਂ ਦੀ ਸੁਰੱਖਿਅਤ ਆਵਾਜਾਈ, ਰਾਤ ਦੇ ਠਹਿਰਾਓ ਪ੍ਰਬੰਧਾਂ, ਪੋਲਿੰਗ ਸਟਾਫ਼, ਮਾਈਕਰੋ ਅਬਜ਼ਰਵਰਾਂ ਤੇ ਸੈਕਟਰ ਅਫ਼ਸਰਾਂ ਦੀ ਤਾਇਨਾਤੀ ਤੇ ਟਰੇਨਿੰਗ, ਵੈਬ ਕਾਸਟਿੰਗ, ਸਟਰੌਂਗ ਰੂਮ, ਗਿਣਤੀ ਕੇਂਦਰਾਂ, ਪੋਲਿੰਗ ਸਟਾਫ਼ ਲਈ ਮੁਢਲੀਆਂ ਸੁਵਿਧਾਵਾਂ ਦੀ ਉਪਲਬਧਤਾ ਆਦਿ ਬਾਰੇ ਵੀ ਜਾਇਜ਼ਾ ਲਿਆ।