ਮੁੱਖ ਮੰਤਰੀ ਨੇ ਆਜ਼ਾਦੀ ਦੇ 76 ਵਰ੍ਹੇ ਪੂਰੇ ਹੋਣ ਮੌਕੇ 76 ਹੋਰ ਆਮ ਆਦਮੀ ਕਲੀਨਿਕ ਕੀਤੇ ਲੋਕਾਂ ਨੂੰ ਸਮਰਪਿਤ

ਦਿੱਲੀ ਦੇ ਮੁੱਖ ਮੰਤਰੀ ਨੇ ਇਤਿਹਾਸਕ ਪਹਿਲਕਦਮੀ ਲਈ ਭਗਵੰਤ ਮਾਨ ਤੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਵਧਾਈ

ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 659 ਹੋਈ

ਮੁੱਖ ਮੰਤਰੀ ਨੇ ਇਸ ਨੂੰ ਸਿਹਤ ਕ੍ਰਾਂਤੀ ਦੀ ਦਿਸ਼ਾ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਦੱਸਿਆ

ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 44 ਲੱਖ ਤੋਂ ਵੱਧ ਲਾਭਪਾਤਰੀ ਲੈ ਚੁੱਕੇ ਨੇ ਫਾਇਦਾ

ਧੂਰੀ (ਸੰਗਰੂਰ), 14 ਅਗਸਤ: ਸੁਖਵਿੰਦਰ ਸਿੰਘ ਬਾਵਾ

-ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਭਾਰਤ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਕ ਟਵੀਟ ਜਾਰੀ ਕਰ ਕੇ ਇਸ ਮੀਲ ਦਾ ਪੱਥਰ ਸਾਬਤ ਹੋਣ ਵਾਲੇ ਕਦਮ ਲਈ ਮੁੱਖ ਮੰਤਰੀ ਤੇ ਪੰਜਾਬ ਦੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਹ ਇਤਿਹਾਸਕ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਨੂੰ ਹੁਣ ਕੋਈ ਨਹੀਂ ਰੋਕ ਸਕੇਗਾ ਕਿਉਂਕਿ ਸੂਬੇ ਦੇ ਲੋਕਾਂ ਨੇ ਆਪਣੇ ਬਿਹਤਰ ਭਵਿੱਖ ਲਈ ਭਗਵੰਤ ਮਾਨ ਸਰਕਾਰ ਨੂੰ ਚੁਣਿਆ ਹੈ।

ਇੱਥੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਵਿੱਚ ਹੀ ਮੁਹੱਈਆ ਕਰਵਾਉਣ ਲਈ ਇਹ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਨ ਦੇ ਨਾਲ-ਨਾਲ ਇਹ ਕਲੀਨਿਕ 41 ਤਰ੍ਹਾਂ ਦੇ ਟੈਸਟ ਮੁਫ਼ਤ ਕਰਨ ਦੀ ਸੇਵਾ ਵੀ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤੰਦਰੁਸਤ ਸਿਹਤ ਉਤੇ ਧਿਆਨ ਦੇਣ ਦੇ ਨਾਲ-ਨਾਲ ਇਸ ਕਦਮ ਨਾਲ ਲੋਕਾਂ ਦਾ ਜੀਵਨ ਲੰਮੇਰਾ ਕਰਨ ਵਿੱਚ ਮਦਦ ਮਿਲੇਗੀ।

ਪਿਛਲੀਆਂ ਸਰਕਾਰਾਂ ਵੱਲੋਂ ਆਮ ਆਦਮੀ ਦੀ ਸਿਹਤ ਵੱਲ ਤਵੱਜੋਂ ਨਾ ਦੇਣ ਉਤੇ ਅਫ਼ਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨੂੰ ਮਿਆਰੀ ਇਲਾਜ ਸਹੂਲਤਾਂ ਯਕੀਨੀ ਬਣਾਉਣ ਉਤੇ ਜ਼ੋਰ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਆਪਣਾ ਇਲਾਜ ਤਾਂ ਵਿਦੇਸ਼ਾਂ ਵਿੱਚੋਂ ਕਰਵਾ ਲੈਂਦੇ ਸਨ ਪਰ ਆਮ ਆਦਮੀ ਨੂੰ ਬਿਨਾਂ ਵਧੀਆ ਇਲਾਜ ਤੋਂ ਕਿਸਮਤ ਉਤੇ ਛੱਡ ਦਿੰਦੇ ਸਨ। ਉਨ੍ਹਾਂ ਕਿਹਾ ਕਿ ਇਹ ਲੀਡਰ ਲੋਕਾਂ ਨੂੰ ਸਿਰਫ਼ ਵੋਟ ਬੈਂਕ ਹੀ ਸਮਝਦੇ ਸਨ ਅਤੇ ਉਨ੍ਹਾਂ ਕਦੇ ਲੋਕਾਂ ਦੇ ਜੀਵਨ ਤੇ ਸਿਹਤ ਦੀ ਪਰਵਾਹ ਨਹੀਂ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ ਕੈਂਸਰ ਦਾ ਮਿਆਰੀ ਇਲਾਜ ਉਪਲਬਧ ਹੈ, ਜਿਸ ਕਾਰਨ ਹੁਣ ਇਲਾਜ ਲਈ ਲੋਕਾਂ ਨੂੰ ਦੂਜੇ ਰਾਜਾਂ ਵਿੱਚ ਧੱਕੇ ਖਾਣ ਦੀ ਲੋੜ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਪਹਿਲਾਂ ਬੀਕਾਨੇਰ ਕੈਂਸਰ ਹਸਪਤਾਲ ਲਈ ਖਚਾਖਚ ਭਰ ਕੇ ਚਲਦੀ ਕੈਂਸਰ ਐਕਸਪ੍ਰੈੱਸ ਰੇਲ ਗੱਡੀ ਹੁਣ ਖ਼ਾਲੀ ਜਾਂਦੀ ਹੈ ਕਿਉਂਕਿ ਲੋਕਾਂ ਨੂੰ ਹੁਣ ਪੰਜਾਬ ਵਿੱਚ ਹੀ ਇਲਾਜ ਦੀ ਸਹੂਲਤ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਿਆਂ ਵਿੱਚ ਖ਼ਾਲੀ ਪਈਆਂ ਅਧਿਕਾਰੀਆਂ ਦੀਆਂ ਆਸਾਮੀਆਂ ਭਰੀਆਂ ਜਾਣਗੀਆਂ ਅਤੇ ਹੈੱਡਕੁਆਟਰਾਂ ਤੋਂ ਅਧਿਕਾਰੀਆਂ ਦੀ ਤਾਇਨਾਤੀ ਫੀਲਡ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਵਿੱਚ ਕੰਮ ਅਲਾਟ ਕੀਤਾ ਜਾਵੇਗਾ ਤਾਂ ਜੋ ਲੋਕਾਂ ਦੀ ਭਲਾਈ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਅਜਿਹੇ ਅਧਿਕਾਰੀਆਂ ਦੀ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਵਜੋਂ ਤਾਇਨਾਤੀ ਕੀਤੀ ਹੈ, ਜਿਹੜੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਜਾਣੇ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸੰਤਾਂ, ਪੀਰਾਂ-ਫ਼ਕੀਰਾਂ, ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਸ ਕਾਰਨ ਇਹ ਧਰਤੀ ਸੰਭਾਵਨਾਵਾਂ ਨਾਲ ਭਰੀ ਪਈ ਹੈ। ਇੱਥੇ ਵਪਾਰ ਤੇ ਕਾਰੋਬਾਰ ਲਈ ਅਸੀਮ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਰਖੇਜ਼ ਜ਼ਮੀਨ ਉਤੇ ਨਫ਼ਰਤ ਤੇ ਵੈਰ-ਵਿਰੋਧ ਤੋਂ ਸਿਵਾਏ ਹਰੇਕ ਤਰ੍ਹਾਂ ਦਾ ਬੀਜ ਪੁੰਗਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਫਿਰਕੂ ਸਦਭਾਵਨਾ, ਭਾਈਚਾਰੇ ਤੇ ਸ਼ਾਂਤੀ ਦਾ ਕੇਂਦਰ ਬਿੰਦੂ ਹੈ, ਜਿਸ ਕਾਰਨ ਸੂਬਾ ਮੁਲਕ ਭਰ ਵਿੱਚੋਂ ਨਿਵੇਸ਼ ਲਈ ਸਭ ਤੋਂ ਵੱਧ ਤਰਜੀਹੀ ਸਥਾਨ ਵਜੋਂ ਉੱਭਰਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਤੇ ਸੜਕਾਂ ਉਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਪੰਜਾਬ ਸਰਕਾਰ ਨੇ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਤਰ੍ਹਾਂ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੂੰ ਸੜਕ ਹਦਸਿਆਂ ਨੂੰ ਠੱਲ੍ਹ ਪਾਉਣ ਦੇ ਨਾਲ-ਨਾਲ ਗਲਤ ਡਰਾਈਵਿੰਗ ਅਤੇ ਸੜਕਾਂ ਉਤੇ ਵਾਹਨਾਂ ਦੀ ਗਤੀਵਿਧੀ ਨੂੰ ਸੁਚਾਰੂ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਥਾਣਿਆਂ ਵਿੱਚ ਤਾਇਨਾਤ ਮੁਲਾਜ਼ਮਾਂ ਤੋਂ ਕੰਮ ਦਾ ਬੋਝ ਘਟੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਇਸ ਵਿਸ਼ੇਸ਼ ਫੋਰਸ ਵਿੱਚ 1300 ਮੁਲਾਜ਼ਮ ਭਰਤੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ਉਤੇ 144 ਵਾਹਨ ਤਾਇਨਾਤ ਕੀਤੇ ਜਾਣਗੇ, ਜਿਨ੍ਹਾਂ ਵਿੱਚੋਂ 116 ਇਸੁਜ਼ੂ ਵਾਹਨ ਹੋਣਗੇ, ਜਿਹੜੇ ਹਰੇਕ 30 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਹੋਣਗੇ ਅਤੇ 28 ਐਸ.ਯੂ.ਵੀਜ਼ ਸਪੀਡ ਰਾਡਾਰ ਨਾਲ ਲੈਸ ਹੋਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਪੂਰੀ ਮੈਡੀਕਲ ਕਿੱਟ ਹੋਵੇਗੀ ਤਾਂ ਕਿ ਲੋੜ ਪੈਣ ਉਤੇ ਕਿਸੇ ਮਰੀਜ਼ ਨੂੰ ਫੌਰੀ ਤੌਰ ਉਤੇ ਐਮਰਜੈਂਸੀ ਇਲਾਜ ਸੇਵਾ ਦਿੱਤੀ ਜਾ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੀਆਂ ਸੁਹਿਰਦ ਕੋਸ਼ਿਸ਼ਾਂ ਨਾਲ ਪੰਜਾਬ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਵੱਢੀਖੋਰਾਂ ਵਿਰੁੱਧ ਪਹਿਲਾਂ ਹੀ ਸਖ਼ਤ ਕਦਮ ਚੁੱਕੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਉਤੇ ਚੱਲ ਰਹੀ ਹੈ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਵਿੱਚ ਨਸ਼ਿਆਂ ਵਿਰੁੱਧ ਜੰਗ ਵਿੱਢਣ ਲਈ ਨਵੀਂ ਨੀਤੀ ਘੜੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜ਼ਰੀਏ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਪਾਸੇ ਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਜ਼ੋਰਦਾਰ ਢੰਗ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਸ਼ਾ ਵਿਰੋਧੀ ਜੰਗ ਦੇ ਨਤੀਜੇ ਜਲਦੀ ਲੋਕਾਂ ਸਾਹਮਣੇ ਜ਼ਾਹਰ ਹੋਣਗੇ ਕਿਉਂਕਿ ਨਸ਼ਾ ਮੁਕਤ ਪਿੰਡਾਂ ਨੂੰ ਵਿੱਤੀ ਲਾਭ ਦੇਣ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਮੁੜ-ਵਸੇਬੇ ਲਈ ਵੀ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਦੇ ਸਰਪੰਚਾਂ ਦੀ ਚੋਣ ਨੂੰ ਸਿਆਸਤ ਤੋਂ ਪ੍ਰੇਰਿਤ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਸਰਪੰਚਾਂ ਦੀ ਚੋਣ ਕਰਨਗੇ, ਉਨ੍ਹਾਂ ਨੂੰ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਪੰਚਾਇਤ ਚੋਣਾਂ ਵਿੱਚ ਕੋਈ ਹਿੰਸਾ ਨਾ ਹੋਵੇ ਅਤੇ ਪਿੰਡਾਂ ਵਿੱਚ ਮਾਹੌਲ ਭਾਈਚਾਰਕ ਬਣਿਆ ਰਹੇ।

ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਤੇ ਹੋਰ ਸ਼ਖ਼ਸੀਅਤਾਂ ਦਾ ਸਮਾਗਮ ਵਿੱਚ ਪੁੱਜਣ ਉਤੇ ਸਵਾਗਤ ਕੀਤਾ