ਆਉਂਦੇ ਦਿਨਾਂ ਵਿਚ 75-100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ
15 ਅਗਸਤ ਤੱਕ 15 ‘ਸਕੂਲ ਆਫ ਐਮੀਨੈਂਸ’ ਹੋਣਗੇ ਸਥਾਪਤ
ਵਿਰੋਧੀ ਧਿਰਾਂ ਦੇ ਲੀਡਰਾਂ ਨੂੰ ਪੰਜਾਬੀਆਂ ਦੇ ਮਨੋ ਲੱਥ ਚੁੱਕੇ ਲੋਕਾਂ ਦੀ ‘ਜੁੰਡਲੀ’ ਦੱਸਿਆ
ਐਸ.ਏ.ਐਸ.ਨਗਰ, 7 ਜੂਨ
ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਰੜ ਵਿਖੇ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ।
ਇੱਥੇ 8.59 ਕਰੋੜ ਰੁਪਏ ਦੀ ਲਾਗਤ ਵਾਲਾ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ 50 ਬਿਸਤਰਿਆਂ ਦੀ ਸਮਰਥਾ ਵਾਲਾ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਗਰਭਵਤੀ ਮਹਿਲਾਵਾਂ ਅਤੇ ਨਵੇਂ ਜੰਮੇ ਬੱਚਿਆਂ ਦੀ ਬਿਹਤਰ ਢੰਗ ਨਾਲ ਸਾਂਭ-ਸੰਭਾਲ ਕਰਨ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਏਗਾ। ਮੁੱਖ ਮੰਤਰੀ ਨੇ ਦੱਸਿਆ ਕਿ ਇਕ ਸਾਲ ਦੇ ਅੰਦਰ 45 ਸਿਹਤ ਕੇਂਦਰਾਂ ਵਿੱਚੋਂ 35 ਸਿਹਤ ਕੇਂਦਰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਅਗਲੇ ਦਿਨਾਂ ਵਿਚ ਅਜਿਹੇ ਹੋਰ ਹਸਪਤਾਲ ਸਥਾਪਤ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਵਿਚ ਆਉਣ ਦੇ ਪਹਿਲੇ ਦਿਨ ਤੋਂ ਸਿਹਤ, ਸਿੱਖਿਆ, ਰੋਜ਼ਗਾਰ ਤੇ ਬਿਜਲੀ ਦੇ ਖੇਤਰ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿਚ ਹੁਣ ਤੱਕ 584 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਜਿੱਥੋਂ ਹੁਣ 31.19 ਲੱਖ ਲੋਕ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਨੇ ਛੇਤੀ ਹੀ 75 ਤੋਂ 100 ਕਲੀਨਿਕ ਹੋਰ ਖੋਲ੍ਹਣ ਦਾ ਐਲਾਨ ਕੀਤਾ ਤਾਂ ਕਿ ਲੋਕਾਂ ਨੂੰ ਘਰ ਦੇ ਨੇੜ ਹੀ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਘਰੇਲੂ ਬਿਜਲੀ ਦੇਣ ਦੀ ਵੀ ਗਾਰੰਟੀ ਦਿੱਤੀ ਸੀ ਅਤੇ ਸਾਡੇ ਵਿਰੋਧੀ ਦੋਸ਼ ਲਾਉਂਦੇ ਸਨ ਕਿ ਇਹ ਗਾਰੰਟੀ ਕਦੇ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਇਸ ਵੇਲੇ 88 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ।
ਸਿੱਖਿਆ ਦੇ ਖੇਤਰ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਅਤੇ ਇਸ ਵਾਰ ਪੰਜਵੀਂ, ਅੱਠਵੀਂ, ਦਸਵੀਂ ਕਲਾਸਾਂ ਦੇ ਨਤੀਜਿਆਂ ਵਿੱਚੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਬਾਜ਼ੀ ਮਾਰੀ ਹੈ ਅਤੇ ਉਨ੍ਹਾਂ ਨੇ ਖੁਦ ਇਨ੍ਹਾਂ ਬੱਚਿਆਂ ਨੂੰ 51-51 ਹਜ਼ਾਰ ਰੁਪਏ ਦਾ ਨਗਦ ਇਨਾਮ ਦੇ ਕੇ ਹੌਂਸਲਾ ਵਧਾਇਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵੀ ਵਧ ਰਹੀ ਹੈ ਕਿਉਂਕਿ ਲੋਕਾਂ ਨੂੰ ਸਰਕਾਰੀ ਸੰਸਥਾਵਾਂ ਉਤੇ ਹੁਣ ਵਿਸ਼ਵਾਸ ਹੋਣ ਲੱਗਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਸਿੰਗਾਪੁਰ ਭੇਜਿਆ ਗਿਆ ਅਤੇ ਹੁਣ ਫਿਨਲੈਂਡ ਭੇਜਿਆ ਜਾ ਰਿਹਾ ਹੈ ਤਾਂ ਕਿ ਬੱਚਿਆਂ ਦੇ ਸ਼ਖਸੀਅਤ ਵਿਕਾਸ ਲਈ ਕੋਈ ਕਸਰ ਬਾਕੀ ਨਾ ਰਹੇ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 15 ਅਗਸਤ ਤੱਕ ਸੂਬੇ ਵਿਚ 15 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਆਹਲਾ ਦਰਜੇ ਦੀਆਂ ਸਹੂਲਤਾਂ ਨਾਲ ਲੈਸ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਮੇਤ ਪੇਸ਼ੇਵਰ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਉਤੇ ਜ਼ੋਰ ਦਿੱਤਾ ਜਾਵੇਗਾ।
ਰੋਜ਼ਗਾਰ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਲੈ ਕੇ ਹੁਣ ਤੱਕ ਨੌਜਵਾਨਾਂ ਨੂੰ 29237 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ਉਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਠੋਸ ਕਾਰਜ-ਵਿਧੀ ਅਪਣਾਈ ਗਈ ਜਿਸ ਕਰਕੇ 29000 ਤੋਂ ਵੱਧ ਨੌਕਰੀਆਂ ਵਿੱਚੋਂ ਇਕ ਵੀ ਨੌਕਰੀ ਨੂੰ ਅਦਾਲਤ ਦੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਸਾਡੀ ਸਰਕਾਰ ਪੀ.ਆਰ.ਟੀ.ਸੀ. ਨੂੰ ਮੁਨਾਫੇ ਵਿਚ ਲਿਆ ਰਹੀ ਹੈ ਅਤੇ ਇਸੇ ਤਰ੍ਹਾਂ ਮਿਲਕਫੈੱਡ ਨੂੰ ਹੋਰ ਪ੍ਰਫੁੱਲਤ ਕਰ ਲਈ ਕਦਮ ਚੁੱਕ ਰਹੀ ਹੈ।
ਸੂਬੇ ਵਿਚ ਵੱਖ-ਵੱਖ ਸਰਕਾਰੀ ਅਦਾਰਿਆਂ ਦਾ ਭੱਠਾ ਬਿਠਾਉਣ ਲਈ ਪਿਛਲੀਆਂ ਸਰਕਾਰਾਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਆਪਣੇ ਨਿੱਜੀ ਹਿੱਤ ਪਾਲਣ ਲਈ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਸਰਕਾਰੀ ਸੰਸਥਾਵਾਂ ਨੂੰ ਬੁਰੀ ਤਰ੍ਹਾਂ ਅਣਗੌਲਿਆ ਕਰਕੇ ਲੋਕਾਂ ਨੂੰ ਪ੍ਰਾਈਵੇਟ ਸੰਸਥਾਵਾਂ ਦੇ ਰਹਿਮੋ-ਕਰਮ ਉਤੇ ਛੱਡ ਦਿੱਤਾ ਸੀ।
ਸਰਕਾਰੀ ਖੇਤਰਾਂ ਪ੍ਰਤੀ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਪਿਛਲੀ ਹਕਮੂਤਾਂ ਮੌਕੇ ਰਵਾਇਤੀ ਪਾਰਟੀਆਂ ਦੇ ਆਗੂ ਸਿਹਤ, ਸਿੱਖਿਆ, ਟਰਾਂਸਪੋਰਟ ਤੇ ਹੋਰ ਖੇਤਰਾਂ ਵਿਚ ਪ੍ਰਾਈਵੇਟ ਲੋਕਾਂ ਦੀ ਇਜਾਰੇਦਾਰੀ ਕਾਇਮ ਕਰਵਾਉਣ ਲਈ ਸਰਕਾਰੀ ਅਦਾਰਿਆਂ ਨੂੰ ਬੁਰੀ ਤਰ੍ਹਾਂ ਰੋਲ ਦਿੰਦੇ ਸਨ ਤਾਂ ਕਿ ਲੋਕਾਂ ਕੋਲ ਕੋਈ ਰਾਹ ਨਾ ਬਚੇ। ਇਨ੍ਹਾਂ ਸਿਆਸਤਦਾਨਾਂ ਲਈ ‘ਜਿਹੜੇ ਰਾਜ ਦਾ ਰਾਜਾ ਵਪਾਰੀ, ਉਸ ਰਾਜ ਦੀ ਜਨਤਾ ਭਿਖਾਰੀ’ ਦਾ ਕਥਨ ਵਰਤਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸਤਦਾਨ ਆਪਣਾ ਕਾਰੋਬਾਰ ਵਧਾਉਣ ਲਈ ਏਨੇ ਲਾਲਸੀ ਹੁੰਦੇ ਸਨ ਕਿ ਵੱਧ ਗਾਹਕਾਂ ਵਾਲੀ ਗੋਲ-ਗੱਪਿਆਂ ਦੀ ਰੇਹੜੀ ਵਿਚ ਹਿੱਸਾਪੱਤੀ ਪਾਉਣ ਤੋਂ ਗੁਰੇਜ਼ ਨਹੀਂ ਕਰਦੇ ਸਨ।
ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਸਰਕਾਰੀ ਹਸਪਤਾਲ ਅਤੇ ਸਕੂਲਾਂ ਨੂੰ ਹਾਸ਼ੀਏ ਉਤੇ ਧੱਕ ਦਿੱਤਾ ਸੀ ਤਾਂ ਕਿ ਪ੍ਰਾਈਵੇਟ ਲੋਕਾਂ ਲਈ ਦਰਵਾਜ਼ੇ ਖੋਲ੍ਹੇ ਜਾ ਸਕਣ। ਉਨ੍ਹਾਂ ਕਿਹਾ ਕਿ ਖਸਤਾ ਹਾਲ ਹੋ ਚੁੱਕੀਆਂ ਸਿਹਤ ਸੰਸਥਾਵਾਂ ਕਾਰਨ ਲੋਕਾਂ ਨੂੰ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈਂਦਾ ਸੀ। ਇਸੇ ਤਰ੍ਹਾਂ ਇਨ੍ਹਾਂ ਸਿਆਸਤਦਾਨਾਂ ਨੇ ਆਪਣੇ ਕਾਰੋਬਾਰੀ ਹਿੱਤਾਂ ਲਈ ਸਰਕਾਰੀ ਬੱਸਾਂ ਨੂੰ ਵੱਡਾ ਨੁਕਸਾਨ ਬਣਾਇਆ ਸੀ ਅਤੇ ਪ੍ਰਾਈਵੇਟ ਬੱਸਾਂ ਲਈ ਮਨਮਰਜੀ ਦੇ ਟਾਈਮ ਟੇਬਲ ਬਣਾਏ ਜਾਂਦੇ ਸਨ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਅਜਿਹੀਆਂ ਆਪਹੁਦਰੀਆਂ ਦਾ ਸਮਾਂ ਬੀਤ ਚੁੱਕਾ ਹੈ ਅਤੇ ਹੁਣ ਪੰਜਾਬ ਵਿਚ ਆਮ ਲੋਕਾਂ ਦੀ ਸਰਕਾਰ ਹੈ ਜਿੱਥੇ ਸਰਕਾਰੀ ਹਸਪਤਾਲਾਂ ਅਤੇ ਸਕੂਲਾਂ-ਕਾਲਜਾਂ ਨੂੰ ਮਜ਼ਬੂਤ ਕਰਨ ਲਈ ਤਰਜੀਹ ਦਿੱਤੀ ਜਾ ਰਹੀ ਹੈ। ਰਵਾਇਤੀ ਪਾਰਟੀਆਂ ਦੇ ਆਗੂ ਆਪਣੇ ਧੀਆਂ-ਪੁੱਤਾਂ ਦਾ ਕਾਰੋਬਾਰ ਵਧਾਉਣ ਲਈ ਕੰਮ ਕਰਦੇ ਸਨ ਪਰ ਮੈਂ ਪੰਜਾਬ ਦੇ ਵਿਕਾਸ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਿਹਾ ਹੈ।”
ਵਿਰੋਧੀ ਪਾਰਟੀਆਂ ਦੇ ਲੀਡਰਾਂ ਨੂੰ ਪੰਜਾਬੀਆਂ ਦੇ ਮਨੋ ਲੱਥ ਚੁੱਕੇ ਲੋਕਾਂ ਦੀ ‘ਜੁੰਡਲੀ’ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਏਨਾ ਲੀਡਰਾਂ ਨੂੰ ਸਰਕਾਰ ਵਿਚ ਕੋਈ ਕਮੀ-ਪੇਸ਼ੀ ਨਜ਼ਰ ਨਹੀਂ ਆਉਂਦੀ ਤਾਂ ਮੁੱਦਾਹੀਣ ਹੋਏ ਇਹ ਲੀਡਰ ਨਿੱਜੀ ਤੌਰ ਉਤੇ ਦੂਸ਼ਣਬਾਜੀ ਉਤੇ ਉਤਰ ਆਉਂਦੇ ਹਨ। ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਲੋਕਾਂ ਦੀਆਂ ਪੰਜਾਬ ਦੇ ਖਜ਼ਾਨੇ ਨੂੰ ਲੁੱਟਣ ਵਾਲੀਆਂ ਦੁਕਾਨਾਂ ਹੁਣ ਬੰਦ ਹੋ ਚੁੱਕੀਆਂ ਹਨ ਜਿਸ ਕਰਕੇ ਕੋਈ ਹੋਰ ਰਾਹ ਨਾ ਬਚਣ ਕਰਕੇ ਹੁਣ ਇਹ ਸਾਰੇ ਇਕ ਬੇੜੇ ਵਿਚ ਸਵਾਰ ਹੋ ਕੇ ਆਪਣੇ ਸਿਆਸੀ ਜੀਵਨ ਨੂੰ ਬਚਾਉਣ ਲਈ ਹੱਥ-ਪੈਰ ਮਾਰ ਰਹੇ ਹਨ। ਮੈਂ ਤਹਾਨੂੰ ਚੁਣੌਤੀ ਦਿੰਦਾ ਹਾਂ ਕਿ ਆਪਣੀ ਸਿਆਸੀ ਹੋਂਦ ਬਚਾਉਣ ਲਈ ਤੁਹਾਡੀਆਂ ਅਜਿਹੀਆਂ ਚਾਲਬਾਜ਼ੀਆਂ ਤੁਹਾਡੇ ਕੰਮ ਨਹੀਂ ਆਉਣੀਆਂ ਕਿਉਂਕਿ ਪੰਜਾਬ ਦੇ ਲੋਕ ਤੁਹਾਡਾ ਅਸਲੀ ਕਿਰਦਾਰ ਪਛਾਣ ਚੁੱਕੇ ਹਨ ਜਿਸ ਕਰਕੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਤਹਾਨੂੰ ਮੂੰਹ ਤੋੜਵਾਂ ਜਵਾਬ ਦੇ ਚੁੱਕੇ ਹਨ।”
ਨਵਜੋਤ ਸਿੱਧੂ ਨੂੰ ਆੜੇ ਹੱਥੀਂ ਲੈਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਚੇ-ਸੁੱਚੇ ਕਿਰਦਾਰ ਦੀਆਂ ਟਾਹਰਾਂ ਮਾਰਨ ਵਾਲਾ ਸਿਆਸਤਦਾਨ ਆਪਣੇ ਘੋਰ ਵਿਰੋਧੀ ਬਿਕਰਮ ਮਜੀਠੀਆ ਨੂੰ ਜੱਫੀ ਵਿਚ ਲੈ ਕੇ ਏਨੇ ਨੀਵੇਂ ਪੱਧਰ ਉਤੇ ਡਿੱਗਿਆ ਕਿ ਪੰਜਾਬ ਦੇ ਲੋਕ ਵੀ ਹੈਰਾਨ ਰਹਿ ਗਏ। ਮੁੱਖ ਮੰਤਰੀ ਨੇ ਕਿਹਾ, “ਅਸਲ ਵਿਚ ਇਹ ਦੋਵੇਂ ਲੀਡਰ ਆਮ ਆਦਮੀ ਪਾਰਟੀ ਦੀ ਵਿਧਾਇਕ ਜੀਵਨਜੋਤ ਕੌਰ ਪਾਸੋਂ ਬੁਰੀ ਤਰ੍ਹਾਂ ਹਾਰੇ ਹਨ ਜਿਸ ਕਰਕੇ ਆਪਣੀ ਬਚੀ-ਖੁਚੀ ਸਿਆਸੀ ਹੋਂਦ ਬਚਾਉਣ ਲਈ ਜੱਫੀਆਂ ਪਾਉਣ ਲਈ ਮਜਬੂਰ ਹੋ ਗਏ ਹਨ।”
ਪ੍ਰਤਾਪ ਸਿੰਘ ਬਾਜਵਾ ਵੱਲੋਂ ਨਵੇਂ ਚੁਣੇ ਆਪ ਵਿਧਾਇਕਾਂ ਉੱਤੇ ਕੀਤੀ ਟਿੱਪਣੀ ਦਾ ਸਖ਼ਤ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ ਸਾਰੀ ਜ਼ਿੰਦਗੀ ਮੁੱਖ ਮੰਤਰੀ ਦੀ ਕੁਰਸੀ ਲਈ ਤਰਸਦੇ ਰਹੇ ਹਨ ਅਤੇ ਹੁਣ ਜਦੋਂ ਇਨ੍ਹਾਂ ਤੋਂ ਅੱਕੇ ਲੋਕਾਂ ਨੇ ਨਵੇਂ ਚਿਹਰਿਆਂ ਨੂੰ ਸੱਤਾ ਦੀ ਵਾਗਡੋਰ ਸੰਭਾਲੀ ਤਾਂ ਉਨ੍ਹਾਂ ਨੂੰ ਹਜ਼ਮ ਨਹੀਂ ਹੋ ਰਿਹਾ।
ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਹਸਪਤਾਲਾਂ ਵਿਚ ਜਲਦ ਹੀ ਮਰੀਜ਼ਾਂ ਲਈ ‘ਫੈਸੀਲਿਟੇਸ਼ਨ ਸੈਂਟਰ’ ਸਥਾਪਤ ਕੀਤੇ ਜਾ ਰਹੇ ਹਨ ਜਿੱਥੇ ਮਰੀਜ਼ ਨੂੰ ਸਾਰੀਆਂ ਜਨਤਕ ਸਹੂਲਤਾਂ ਮੁਹੱਈਆ ਕਰਵਾਇਆ ਜਾਣਗੀਆਂ। ਉਨ੍ਹਾਂ ਕਿਹਾ ਕਿ ਨਵੇਂ ਬਣੇ ਜੱਚਾ-ਬੱਚਾ ਕੇਂਦਰ ਨਾਲ ਖਰੜ ਅਤੇ ਇਸ ਦੇ ਨਾਲ ਲਗਦੇ ਸੈਂਕੜੇ ਪਿੰਡਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਛੇਤੀ ਹੀ ਬੁਢਲਾਡਾ, ਨਕੋਦਰ ਅਤੇ ਫਰੀਦਕੋਟ ਵਿਚ ਨਵੀਆਂ ਸਿਹਤ ਸੰਸਥਾਵਾਂ ਦਾ ਉਦਘਾਟਨ ਕਰਨਗੇ।
ਹਲਕਾ ਵਿਧਾਇਕ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਵਾਸੀਆਂ ਲਈ ਇਸ ਅਤਿ-ਆਧੁਨਿਕ ਸਿਹਤ ਸੰਸਥਾ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਕੁਰਾਲੀ ਹਸਪਤਾਲ ਦੀ ਇਮਾਰਤ ਵੀ ਨਵੀਂ ਬਣ ਰਹੀ ਹੈ ਜਿਸ ਦਾ ਉਦਘਾਟਨ ਛੇਤੀ ਹੀ ਕੀਤਾ ਜਾਵੇਗਾ