ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਲਈ ਵੱਡੇ ਐਲਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

 

ਸੰਗਰੂਰ, 22 ਮਈ:

ਕੈਬਨਿਟ ਮੰਤਰੀ ਅਤੇ ਸੁਨਾਮ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਚੀਮਾ ਵਿਖੇ ਸਬ-ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਅਤੇ ਇਸ ਮੌਕੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਗਏ ਐਲਾਨਾਂ ਲਈ ਤਹਿ ਦਿਲੋਂ ਧੰਨਵਾਦ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਹਮੇਸ਼ਾ ਸੁਨਾਮ ਹਲਕੇ ਦੇ ਵਿਕਾਸ ਲਈ ਖੁੱਲ੍ਹੇ ਦਿਲ ਨਾਲ ਫ਼ੰਡ ਪ੍ਰਵਾਨ ਕੀਤੇ ਗਏ ਹਨ ਅਤੇ ਅੱਜ ਵੀ ਹਲਕਾ ਵਾਸੀਆਂ ਵੱਲੋਂ ਉਨ੍ਹਾਂ ਰਾਹੀਂ ਮੁੱਖ ਮੰਤਰੀ ਦੇ ਧਿਆਨ ’ਚ ਲਿਆਂਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦੇ ਕੇ ਉਨ੍ਹਾਂ ਪੰਜਾਬ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਿੱਥੇ ਸਬ-ਤਹਿਸੀਲ ਬਣਨ ਨਾਲ ਚੀਮਾ ਇਲਾਕੇ ਦੇ ਪਿੰਡਾਂ ਦੇ ਲਗਭਗ 50,000 ਲੋਕਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ ਉੱਥੇ ਹੀ ਮੁੱਖ ਮੰਤਰੀ ਵੱਲੋਂ ਮਾਨਸਾ-ਸੁਨਾਮ ਸੜਕ ’ਚ ਲੋੜੀਂਦੇ ਸੁਧਾਰ ਕਰਨ ਦੇ ਦਿੱਤੇ ਗਏ ਭਰੋਸੇ ਨਾਲ ਰਾਹਗੀਰਾਂ ਦੀਆਂ ਕੀਮਤੀ ਜਾਨਾਂ ਬਚਾਉਣ ’ਚ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਚੀਮਾ ਕਸਬੇ ’ਚ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਵੀ ਭਰੋਸਾ ਦਿੱਤਾ ਗਿਆ ਹੈ ਜਿਸ ਨਾਲ ਇਲਾਕੇ ’ਚ ਸਿਹਤ ਦੇ ਖੇਤਰ ’ਚ ਕਰਾਂਤੀਕਾਰੀ ਸੁਧਾਰ ਲਿਆਉਣ ’ਚ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹਲਕੇ ਦੇ ਪਿੰਡ ਢੱਡਰੀਆਂ ਵਿਖੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਬਣਾਉਣ ਨੂੰ ਮਨਜੂਰੀ ਦੇਣ ਅਤੇ ਲੋੜੀਂਦੇ ਫ਼ੰਡ ਜਾਰੀ ਕਰਨ ਲਈ ਵੀ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸਹਿਮਤੀ ਦਿੱਤੀ ਗਈ ਹੈ ਜਿਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ’ਚ ਵੱਡੀ ਮਦਦ ਹਾਸਲ ਹੋਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਨਾਮ ਹਲਕੇ ਦੇ ਬਿਹਤਰੀ ਲਈ ਹਮੇਸ਼ਾ ਲੋੜੀਂਦੇ ਫ਼ੰਡ ਅਤੇ ਪ੍ਰੋਜੈਕਟ ਬਿਨਾਂ ਦੇਰੀ ਤੋਂ ਮਨਜ਼ੂਰ ਕੀਤੇ ਜਾਂਦੇ ਰਹੇ ਹਨ ਅਤੇ ਇਸ ਲਈ ਉਹ ਅਤੇ ਸਮੂਹ ਹਲਕਾ ਨਿਵਾਸੀ ਉਨ੍ਹਾਂ ਦੇ ਹਮੇਸ਼ਾ ਸ਼ੁਕਰਗਜ਼ਾਰ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਨਾਮ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਦੀ ਵਚਨਬੱਧਤਾ ਨੂੰ ਦਹੁਰਾਇਆ ਗਿਆ ਹੈ ਜਿਸ ਲਈ ਉਹ ਸਦਾ ਉਨ੍ਹਾਂ ਦੇ ਰਿਣੀ ਰਹਿਣਗੇ।