ਜਨਰਲ ਅਬਜ਼ਰਵਰ ਵੱਲੋਂ ਲੋਕ ਸਭਾ ਦੀ ਜ਼ਿਮਨੀ ਚੋਣ ਬਾਰੇ ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਦੇ ਜ਼ਿਲ੍ਹਾ ਚੋਣ ਅਫ਼ਸਰਾਂ, ਐਸਐਸਪੀਜ਼ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ

ਸੰਗਰੂਰ, 14 ਜੂਨ: (ਭੁਪਿੰਦਰ ਵਾਲੀਆ)
ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਜਨਰਲ ਅਬਜ਼ਰਵਰ ਸ਼੍ਰੀ ਮੁਹੰਮਦ ਜ਼ੁਬੇਰ ਅਲੀ ਹਾਸ਼ਮੀ (ਆਈ.ਏ.ਐਸ) ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਜ਼ਿਮਨੀ ਚੋਣ ਸਬੰਧੀ ਸਮੀਖਿਆ ਕਰਦਿਆਂ ਸਮੁੱਚੇ ਚੋਣ ਅਮਲ ਨੂੰ ਪੂਰੇ ਪਾਰਦਰਸ਼ੀ, ਨਿਰਪੱਖ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਰਿਟਰਨਿੰਗ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਹਰੀਸ਼ ਨਈਅਰ, ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ, ਐਸ.ਐਸ.ਪੀ ਮਲੇਰਕੋਟਲਾ ਅਲਕਾ ਮੀਨਾ, ਐਸ.ਐਸ.ਪੀ ਬਰਨਾਲਾ ਸੰਦੀਪ ਕੁਮਾਰ ਮਲਿਕ , ਵਧੀਕ ਜ਼ਿਲ੍ਹਾ ਚੋਣ ਅਫਸਰ ਸੰਗਰੂਰ ਅਨਮੋਲ ਸਿੰਘ ਧਾਲੀਵਾਲ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਅਮਿਤ ਬੈਂਬੀ ਸਮੇਤ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀ, ਪੈਰਾ ਮਿਲਟਰੀ ਕੰਪਨੀਆਂ ਦੇ ਕਮਾਂਡੈਂਟ, ਸਹਾਇਕ ਕਮਾਂਡੈਂਟ, ਐਸ.ਪੀਜ਼, ਡੀ.ਐਸ.ਪੀਜ਼ ਸ਼ਾਮਲ ਹੋਏ।
ਮੀਟਿੰਗ ਦੌਰਾਨ ਜਨਰਲ ਅਬਜ਼ਰਵਰ ਸ਼੍ਰੀ ਮੁਹੰਮਦ ਜ਼ੁਬੇਰ ਅਲੀ ਹਾਸ਼ਮੀ ਨੇ ਲੋਕ ਸਭਾ ਹਲਕਾ ਸੰਗਰੂਰ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਹੋਣ ਵਾਲੇ ਪੈਰਾ ਮਿਲਟਰੀ ਫੋਰਸ ਦੇ ਅਧਿਕਾਰੀਆਂ, ਜਵਾਨਾਂ ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ਸਮੀਖਿਆ ਵੀ ਕੀਤੀ। ਉਹਨਾਂ ਕਿਹਾ ਕਿ ਵੋਟਾਂ ਦੀ ਸੀਕਰੇਸੀ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਹੋਵੇਗੀ ।
ਉਹਨਾਂ ਨੇ
ਹੁਣ ਤੱਕ ਕੀਤੇ ਚੋਣ ਪ੍ਰਬੰਧਾਂ ਬਾਰੇ ਵਿਸਤ੍ਰਿਤ ਜਾਣਕਾਰੀ ਲੈਂਦਿਆਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਦੇ ਮਾਮਲਿਆਂ ਅਤੇ ਕੀਤੀ ਗਈ ਕਾਰਵਾਈ ਬਾਰੇ ਜਾਇਜ਼ਾ ਲਿਆ।
ਉਨ੍ਹਾਂ ਨੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ। ਉਨ੍ਹਾਂ ਪੁਲਿਸ ਅਤੇ ਪੈਰਾ ਮਿਲਟਰੀ ਨੂੰ ਸਾਂਝੇ ਤੌਰ ਉੱਤੇ ਫਲੈਗ ਮਾਰਚ ਕਰਨ ਦੀ ਹਦਾਇਤ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਚੋੋਣਾਂ ਦੇ ਕੰਮ ਨੂੰ ਅਮਨ-ਸ਼ਾਂਤੀ ਅਤੇ ਨਿਰਵਿਘਨ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਦਾ ਸਾਥ ਦੇਣ ਦੀ ਨਿਰੰਤਰ ਅਪੀਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਪਾਸੋੋਂ ਨਜਾਇਜ਼ ਸ਼ਰਾਬ/ਨਸ਼ੀਲੇ ਪਦਾਰਥਾਂ ਦੀ ਰਿਕਵਰੀ ਹੁੰਦੀ ਹੈ ਤਾਂ ਉਸ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਮੀਟਿੰਗ ਦੌਰਾਨ ਰਿਟਰਨਿੰਗ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਸਮੁੱਚੇ ਅਮਲ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਯਤਨਸ਼ੀਲ ਹੈ ਅਤੇ ਨਾਗਰਿਕ ਵੀ ਅਮਨ ਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਆਪਣਾ ਪੂਰਨ ਸਹਿਯੋਗ ਦੇਣਗੇ। ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਲਈ ਤਾਇਨਾਤ ਸਟਾਫ਼ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ ਹੈ ਅਤੇ ਇਸ ਤੋਂ ਇਲਾਵਾ ਚੋਣ ਅਮਲ ਵਿੱਚ ਤਾਇਨਾਤ ਸਟਾਫ਼ ਵੀ ਸਾਰੇ ਪ੍ਰਬੰਧਾਂ ਨੂੰ ਨੇਪਰੇ ਚੜਾਉਣ ਲਈ ਪੂਰੀ ਤਰਾਂ ਆਪਸੀ ਤਾਲਮੇਲ ਰੱਖਣ ਦਾ ਪਾਬੰਦ ਰਹੇਗਾ।
ਜ਼ਿਕਰਯੋਗ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਵਿਖੇ ਸੈਂਟਰਲ ਆਰਮਡ ਪੁਲਿਸ ਫੋਰਸ ਦੀਆਂ 23 ਅਤੇ ਸਟੇਟ ਆਰਮਡ ਫੋਰਸ ਦੀਆਂ 8 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।