ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਜਿੰਪਾ ਵੱਲੋਂ ਈਟੀਓ ਨਾਲ ਮੀਟਿੰਗ

ਚੰਡੀਗੜ੍ਹ, 1 ਅਗਸਤ:

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।

ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇਮਾਰਤ ਦੇ ਨਿਰਮਾਣ ਲਈ ਟੈਂਡਰ ਪ੍ਰਕਿਿਰਆ ਤੇਜ਼ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਨਾਂ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਰੱਖਣ ਦਾ ਐਲਾਨ ਕੀਤਾ ਸੀ। ਜਿੰਪਾ ਨੇ ਕਿਹਾ ਕਿ ਇਸ ਕਾਲਜ ਨਾਲ ਸਿਰਫ ਦੋਆਬਾ ਖੇਤਰ ਦੀ ਨੁਹਾਰ ਹੀ ਨਹੀਂ ਬਦਲੇਗੀ ਸਗੋਂ ਹੁਸ਼ਿਆਰਪੁਰ ਲਈ ਇਹ ਤਰੱਕੀ ਦੇ ਨਵੇਂ ਮੀਲ ਪੱਥਰ ਵੀ ਸਥਾਪਤ ਕਰੇਗਾ। ਕਾਬਿਲੇਗੌਰ ਹੈ ਕਿ ਜਿੰਪਾ ਹੁਸ਼ਿਆਰਪੁਰ ਤੋਂ ਵਿਧਾਇਕ ਹਨ ਅਤੇ ਇਸ ਇਲਾਕੇ ਦੀ ਉੱਨਤੀ ਲਈ ਉਹ ਭਰਪੂਰ ਕੋਸ਼ਿਸ਼ਾਂ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਦੁਆਬੇ ਖੇਤਰ ਲਈ ਬਹੁਤ ਸਾਰੀਆਂ ਵਿਕਾਸ ਯੋਜਨਾਵਾਂ ਉਲੀਕੀਆਂ ਗਈਆਂ ਹਨ। ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਕਾਲਜ ਨਾਲ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਿਦਆਰਥੀਆਂ ਨੂੰ ਵਿਦੇਸ਼ਾਂ ਵਿਚ ਨਹੀਂ ਜਾਣਾ ਪਵੇਗਾ ਅਤੇ ਇਸ ਮੈਡੀਕਲ ਕਾਲਜ ਵਿਚ ਹੀ ਉਨ੍ਹਾਂ ਨੂੰ ਉੱਚ ਦਰਜੇ ਦੀ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਘਰਾਂ ਨਜ਼ਦੀਕ ਹੀ ਬੇਹਤਰ ਅਤੇ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮਿਲਣਗੀਆਂ।

ਜਿੰਪਾ ਨੇ ਦੱਸਿਆ ਕਿ ਇਸ ਸਾਲ ਦੇ ਬਜਟ ਵਿਚ ਨਵੇਂ ਮੈਡੀਕਲ ਕਾਲਜ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 412 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਲੋਕ ਨਿਰਮਾਣ ਮੰਤਰੀ ਨੂੰ ਬੇਨਤੀ ਕੀਤੀ ਕਿ ਇਸ ਕਾਲਜ ਦੀ ਇਮਾਰਤ ਦੇ ਨਿਰਮਾਣ ਲਈ ਟੈਂਡਰ ਛੇਤੀ ਲਗਾਏ ਜਾਣ ਤਾਂ ਜੋ ਇਹ ਜਲਦ ਤਿਆਰ ਹੋ ਸਕੇ।