ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 29 ਜੁਲਾਈ, 2022
-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਜ਼ੋਨਲ ਕਮੇਟੀ ਦੀ ਐਮਰਜੈਂਸੀ ਮੀਟਿੰਗ ਗ਼ਦਰ ਮੈਮੋਰੀਅਲ ਭਵਨ ਸੰਗਰੂਰ ਵਿਖੇ ਕਰਕੇ ਪਿੰਡ ਹੇੜੀਕੇ ਦੇ ਐਸਸੀ ਭਾਈਚਾਰੇ ਨੂੰ ਜ਼ਮੀਨ ਦਾ ਹੱਕ ਦਿਵਾਉਣ ਅਤੇ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ ਡੰਮੀ ਬੋਲੀ ਰੱਦ ਕਰਵਾਕੇ 33 ਸਾੱਲਾ ਪਟੇ ‘ਤੇ ਜ਼ਮੀਨ ਲੈਣ ਦੀ ਮੰਗ ਨੂੰ ਲੈਕੇ ਪੱਚੀ ਅਗਸਤ ਨੂੰ ਜ਼ਮੀਨ ਵਿੱਚ ਜਥੇਬੰਦੀ ਦਾ ਝੰਡਾ ਲਹਿਰਾ ਕੇ ਕਬਜ਼ਾ ਕਰਨ ਦਾ ਐਲਾਨ ਕੀਤਾ ਗਿਆ।
ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਪਰਮਜੀਤ ਕੌਰ ਲੌਂਗੋਵਾਲ ਨੇ ਕਿਹਾ ਕਿ ਅਕਾਲੀ ਕਾਂਗਰਸੀ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਦਲਿਤਾਂ ਤੋਂ ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਦਾ ਹੱਕ ਖੋਹਣ ਲਈ ਡੰਮੀ ਬੋਲੀ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਅੰਦਰ ਬੀਡੀਪੀਓ ਦਫਤਰ ਸ਼ੇਰਪੁਰ ਵਿੱਚ ਭਾਰੀ ਪੁਲੀਸ ਫੋਰਸ ਲਾ ਕੇ ਪਿੰਡ ਹੇੜੀਕੇ ਦੀ ਪੰਚਾਇਤੀ ਜ਼ਮੀਨ ਦੀ ਡੰਮੀ ਬੋਲੀ ਕਰਵਾਈ ਗਈ ਜਿਸ ਦਾ ਸਿੱਧਾ ਮਤਲਬ ਲੋੜਵੰਦ ਐੱਸਸੀ ਭਾਈਚਾਰੇ ਦੇ ਲੋਕਾਂ ਨੂੰ ਜ਼ਮੀਨੀ ਹੱਕ ਤੋਂ ਵਾਂਝੇ ਕਰਨਾ ਹੈ।
ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ ਡੰਮੀ ਬੋਲੀ ਦਾ ਵਿਰੋਧ ਕਰਨ ਵਾਲੇ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਪੇਂਡੂ ਧਨਾਢ ਚੌਧਰੀਆਂ ਵੱਲੋਂ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਅਤੇ ਡਰਾ ਧਮਕਾ ਕੇ ਸੰਘਰਸ਼ ਤੋਂ ਪਿੱਛੇ ਹਟਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨ ਗਏ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਥਾਣਾ ਮੁਖੀ ਸੇਰਪੁਰ ਵੱਲੋਂ ਕੋਈ ਕਾਰਵਾਈ ਦਾ ਭਰੋਸਾ ਦੇਣ ਦੀ ਬਜਾਏ ਉਲਟਾ ਝੂਠੇ ਇਰਾਦਾ ਕਤਲ ਦੇ ਪਰਚੇ ਵਿੱਚ ਅੰਦਰ ਕਰਨ ਦੀ ਧਮਕੀ ਦਿੰਦਾ ਹੈ। ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਇਸ ਰਵੱਈਏ ਤੋਂ ਸਪਸ਼ਟ ਹੈ ਕਿ ਇਹ ਸਭ ਕੁਝ ਮੁੱਖ ਮੰਤਰੀ ਦੇ ਹਲਕੇ ਅੰਦਰ ਆਮ ਆਦਮੀ ਪਾਰਟੀ ਦੇ ਇਸ਼ਾਰੇ ਤੇ ਹੋ ਰਿਹਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਇਸ ਦਲਿਤ ਵਿਰੋਧੀ ਚਿਹਰੇ ਨੂੰ ਨੰਗਾ ਕਰਨ ਅਤੇ ਡੰਮੀ ਬੋਲੀ ਰੱਦ ਕਰਾ ਕੇ ਪੱਕੇ ਤੌਰ ਤੇ ਐੱਸਸੀ ਭਾਈਚਾਰੇ ਨੂੰ ਜ਼ਮੀਨ ਦਾ ਹੱਕ ਦਿਵਾਉਣ ਲਈ 6, 7 ਅਗਸਤ ਨੂੰ ਪੰਜਾਬ ਭਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਅਰਥੀਆਂ ਸਾੜਨ ਦਾ ਸੱਦਾ ਦਿੰਦਿਆਂ 25 ਅਗਸਤ ਨੂੰ ਪੰਜਾਬ ਦੇ ਸਮੁੱਚੇ ਦਲਿਤ ਭਾਈਚਾਰੇ ਵੱਲੋਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪਿੰਡ ਹੇੜੀਕੇ ਦੀ ਪੰਚਾਇਤੀ ਜ਼ਮੀਨ ਦਾ ਹੱਕ ਉੱਥੋਂ ਦੇ ਦਲਿਤਾਂ ਨੂੰ ਦਬਾਉਣ ਲਈ ਜ਼ਮੀਨ ਵਿੱਚ ਕਬਜ਼ਾ ਕਰਨ ਦਾ ਐਲਾਨ ਕੀਤਾ।
ਇਸ ਮੌਕੇ ਉਪਰੋਕਤ ਤੋਂ ਬਿਨਾਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ ਜਸਵੰਤ ਸਿੰਘ ਖੇੜੀ ਧਰਮਵੀਰ ਹਰੀਗਡ਼੍ਹ ਗੁਰਵਿੰਦਰ ਸਿੰਘ ਬੌੜਾਂ ਸੁਖਵਿੰਦਰ ਸਿੰਘ ਬਟੜਿਆਣਾ ਗੁਰਚਰਨ ਸਿੰਘ ਘਰਾਚੋਂ ਜਗਤਾਰ ਤੋਲੇਵਾਲ ਆਦਿ ਹਾਜ਼ਰ ਸਨ।