ਬਕਾਇਆ ਰਹਿੰਦੇ ਕੰਮਾਂ ਨੂੰ ਮੁਕੰਮਲ ਕਰਨ ਵਿਚ ਦੇਰੀ ਬਰਦਾਸ਼ਤਯੋਗ ਨਹੀ: ਜਤਿੰਦਰ ਜੋਰਵਾਲ
ਸੰਗਰੂਰ, 30 ਜੂਨ:(ਭੁਪਿੰਦਰ ਵਾਲੀਆ) ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਚੰਗੇਰੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਜ਼ਿਲੇ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਖ਼ਤ ਹਦਾਇਤ ਕੀਤੀ ਕਿ ਵਿਕਾਸ ਪ੍ਰੋਜੈਕਟ ਨੂੰ ਹਰ ਹੀਲੇ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਨਾਲ ਹੀ ਕੰਮ ਦੀ ਗੁਣਵੱਤਾ ਦਾ ਵੀ ਖ਼ਾਸ ਖਿਆਲ ਰੱਖਿਆ ਜਾਵੇ। ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਦੀ ਸੁਵਿਧਾ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਵਿਕਾਸ ਕਾਰਜਾਂ ਦਾ ਢਾਂਚਾ ਤਿਆਰ ਕੀਤਾ ਜਾਵੇ ਅਤੇ ਕੰਮ ਕਰਵਾਉਣ ਲਈ ਪੂਰੀ ਇਮਾਨਦਾਰੀ ਨਾਲ ਪਾਰਦਰਸ਼ੀ ਢੰਗ ਹੀ ਵਰਤਿਆ ਜਾਵੇ। ਉਨਾਂ ਕਿਹਾ ਕਿ ਬਕਾਇਆ ਰਹਿੰਦੇ ਕੰਮਾਂ ਨੂੰ ਪੂਰਾ ਕਰਨ ਲਈ ਤੁਰੰਤ ਸਬੰਧਤ ਵਿਭਾਗ ਦੇ ਮੁਖੀਆਂ ਨਾਲ ਰਾਬਤਾ ਕੀਤਾ ਜਾਵੇ ਤਾਂ ਜੋ ਲੋੜੀਂਦੇ ਫ਼ੰਡ ਜਾਂ ਕਿਸੇ ਹੋਰ ਮਸਲੇ ਨੂੰ ਤੁਰੰਤ ਹੱਲ ਕਰਕੇ ਬਕਾਇਆ ਕੰਮ ਨੂੰ ਪੂਰਾ ਕੀਤਾ ਜਾ ਸਕੇ। ਉਨਾਂ ਹਦਾਇਤ ਕੀਤੀ ਕਿ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜਨ ਦੇ ਨਾਲ-ਨਾਲ ਵਾਤਾਵਰਨ ਸੁਰੱਖਿਆ ਵੱਲ ਵੀ ਖ਼ਾਸ ਤਵੱਜੋਂ ਦਿੱਤੀ ਜਾਵੇ। ਉਨਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟਾਂ ਤੋਂ ਨਿਕਲਣ ਵਾਲੇ ਸੋਧੇ ਹੋਏ ਪਾਣੀ ਨੂੰ ਖੇਤੀਬਾੜੀ ਲਈ ਵਰਤਣ ਨੂੰ ਤਰਜੀਹ ਦਿੱਤੀ ਜਾਵੇ ਅਤੇ ਇਸ ਟੀਚੇ ਨੂੰ ਸਫ਼ਲਤਾ ਨਾਲ ਸਰ ਕਰਨ ਲਈ ਲੋੜੀਂਦੇ ਪ੍ਰੋਜੈਕਟ ਜਲਦ ਤੋਂ ਜਲਦ ਤਿਆਰ ਕਰਕੇ ਕਾਰਜਸ਼ੀਲ ਕੀਤੇ ਜਾਣ।
ਸ਼੍ਰੀ ਜੋਰਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਕਰਵਾਏ ਜਾਂਦੇ ਪ੍ਰੋਜੈਕਟਾਂ ਦਾ ਅਸਲ ਫਾਇਦਾ ਲੋਕਾਂ ਤੱਕ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀ ਇਨਾਂ ਪ੍ਰੋਜੈਕਟਾਂ ਦੀ ਵਰਤੋਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨਾਂ ਜ਼ਿਲਾ ਖੇਡ ਅਫ਼ਸਰ ਨੂੰ ਹਦਾਇਤ ਕੀਤੀ ਕਿ ਸੰਗਰੂਰ ਸਥਿਤ ਸਟੇਡੀਅਮ ’ਚ ਉਪਲਬਧ ਖੇਡਾਂ ਦੇ ਢਾਂਚੇ ਦੀ ਸਹੀ ਢੰਗ ਨਾਲ ਵਰਤੋਂ ਯਕੀਨੀ ਬਣਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਇਸੇ ਤਰਾਂ ਉਨਾਂ ਖੇਤੀਬਾੜੀ, ਬਾਗਬਾਨੀ ਅਤੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲਾ ਵਾਸੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਸੁਹਿਦਰਤਾ ਨਾਲ ਜਾਣੂੰ ਕਰਵਾਇਆ ਜਾਵੇ ਤਾਂ ਜੋ ਉਨਾਂ ਨੂੰ ਉੱਨਤ ਖੇਤੀ ਦੇ ਢੰਗਾਂ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਵੀ ਉਤਸ਼ਾਹਿਤ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।