* “ਤੁਹਾਡੇ ਲਈ ਹੈਪੇਟਾਈਟਸ ਦੀ ਦੇਖਭਾਲ ਲਿਆਉਣਾ” ਸਲੋਗਨ ਤਹਿਤ ਮਨਾਇਆ ਵਿਸ਼ਵ ਹੈਪੇਟਾਈਟਸ ਜਾਗਰੂਕਤਾ ਦਿਵਸ
ਕਮਲੇਸ਼ ਗੋਇਲ ਖਨੌਰੀ
ਖਨੌਰੀ 28 ਜੁਲਾਈ – ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਸੰਗਰੂਰ ਡਾ ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਲਵਰਾਜ ਪਵਾਰ ਦੀ ਯੋਗ ਅਗੁਵਾਈ ਹੇਠ 75ਵੇਂ ਆਜਾਦੀ ਦੇ ਅਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਸਿਹਤ ਬਲਾਕ ਮੂਨਕ ਦੇ ਸਥਾਨਕ ਸਰਕਾਰੀ ਹਸਪਤਾਲ ਅਤੇ ਇਸ ਅਧੀਨ ਸਬ ਸੈਂਟਰਾਂ ਵਿੱਚ “ਤੁਹਾਡੇ ਲਈ ਹੈਪੇਟਾਈਟਸ ਦੀ ਦੇਖਭਾਲ ਲਿਆਉਣਾ” ਨਾਅਰੇ ਤਹਿਤ ਵਿਸ਼ਵ ਹੈਪੇਟਾਈਟਸ ਜਾਗਰੂਕਤਾ ਦਿਵਸ ਮਨਾਇਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ. ਈ. ਸੀ./ਬੀ. ਸੀ. ਸੀ ਨੋਡਲ ਅਫ਼ਸਰ ਹਰਦੀਪ ਜਿੰਦਲ ਨੇ ਦੱਸਿਆ ਕਿ ਕਿਸੇ ਵੀ ਬੀਮਾਰੀ ਦਾ ਜੇ ਸਮੇਂ ਤੇ ਪਤਾ ਲੱਗ ਜਾਵੇ ਤਾਂ ਉਸਦੇ ਗੰਭੀਰ ਰੂਪ ਧਾਰਨ ਕਰਨ ਤੋਂ ਪਹਿਲਾਂ ਉਸ ਦਾ ਇਲਾਜ ਸੰਭਵ ਹੈ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਮੇਂ-ਸਮੇਂ ਤੇ ਵੱਖ-ਵੱਖ ਬੀਮਾਰੀਆਂ ਪ੍ਰਤੀ ਸੁਚੇਤ ਕਰਨ ਲਈ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਬੀਮਾਰੀ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਸਕੇ। ਹੈਪੇਟਾਈਟਸ ਜਿਗਰ ਦੀ ਬੀਮਾਰੀ ਹੈ ਜੋ ਕਿ ਵਾਇਰਸ ਰਾਹੀਂ ਫੈਲਦੀ ਹੈ। ਹੈਪੇਟਾਈਟਸ- ਬੀ ਅਤੇ ਸੀ ਨੂੰ ਕਾਲਾ ਪੀਲੀਆ ਵੀ ਕਿਹਾ ਜਾਂਦਾ ਹੈ, ਉਸ ਵਿੱਚ ਹਲਕਾ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਕਮੋਜਰੀ, ਉਲਟੀਆਂ ਆਉਣਾ ਅਤੇ ਭੁੱਖ ਨਹੀਂ ਲਗਣਾ ਆਦਿ ਲੱਛਣ ਨਜ਼ਰ ਆਉਂਦੇ ਹਨ। ਜਿਸ ਨਾਲ ਜਿਗਰ ਦੀ ਸੋਜ ਅਤੇ ਜਿਗਰ ਦਾ ਕੈਂਸਰ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਤੋਂ ਬਚਾਅ ਲਈ ਬੱਚਿਆਂ ਦਾ ਹੈਪੇਟਾਈਟਸ ਬੀ ਦਾ ਟੀਕਾਕਰਨ ਹੋਣਾ ਜਰੂਰੀ ਹੈ ਜੋ ਕਿ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਟੀਕਾਕਰਨ ਸੂਚੀ ਵਿੱਚ ਸ਼ਾਮਲ ਹੈ ਤੇ ਮੁਫ਼ਤ ਲਗਾਇਆ ਜਾਂਦਾ ਹੈ। ਓਨ੍ਹਾਂ ਕਿਹਾ ਕਿ ਹੈਪੇਟਾਈਟਸ ਏ, ਬੀ, ਸੀ, ਡੀ ਅਤੇ ਈ ਇਨ੍ਹਾਂ ਪੰਜ ਕਿਸਮਾਂ ਦੇ ਵਿਸ਼ਾਣੂ ਤੋਂ ਲੋਕ ਪੀੜਤ ਹੋ ਸਕਦੇ ਹਨ । ਇਨ੍ਹਾਂ ਵਿਚੋਂ ਹੈਪੇਟਾਈਟਸ ਸੀ ਅਤੇ ਬੀ ਜਿਆਦਾ ਖ਼ਤਰਨਾਕ ਹੋ ਸਕਦੇ ਹਨ।ਜਿਨ੍ਹਾਂ ਦਾ ਟੈਸਟ ਕਰਵਾਉਣਾ ਲਾਜ਼ਮੀ ਹੈ। ਕਿਸੇ ਵੀ ਵਿਅਕਤੀ ਨੂੰ ਸਰਜਰੀ ਕਰਵਾਉਣ ਤੋਂ ਪਹਿਲਾਂ,ਦੰਦਾਂ ਦਾ ਇਲਾਜ਼ ਕਰਵਾਉਣ ਸਮੇਂ , ਸੈਕਸ ਵਰਕਰ , ਖੂਨ ਦਾਨ ਕਰਨ ਮੌਕੇ , ਗਰਭਵਤੀ ਔਰਤਾਂ ਨੂੰ , ਟੈਟੂ ਖੁਦਵਾਉਣ ਤੋਂ ਪਹਿਲਾਂ, ਡਾਇਆਲਸਿਸ ਮੌਕੇ ਅਤੇ ਹੈਲਥ ਕੇਅਰ ਵਰਕਰ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਂਦਾ ਹੈ ਤਾਂ ਜੋ ਇਸ ਬੀਮਾਰੀ ਦਾ ਸਮੇਂ ਰਹਿੰਦਿਆਂ ਪਤਾ ਲੱਗ ਸਕੇ। ਹੈਪੇਟਾਈਟਸ ਸੀ ਅਤੇ ਬੀ ਦਾ ਇਲਾਜ , ਬੇਸਲਾਈਨ ਟੈਸਟ ਅਤੇ ਵਾਇਰਲ ਲੋਡ ਟੈਸਟ ਰਾਜ ਦੇ 22 ਜਿਲ੍ਹਾ ਸਰਕਾਰੀ ਹਸਪਤਾਲਾਂ, 3 ਸਰਕਾਰੀ ਮੈਡੀਕਲ ਕਾਲਜ , 17 ਏ.ਆਰ.ਟੀ. ਕੇਂਦਰਾਂ ਅਤੇ 11 ਓ.ਐਸ.ਟੀ.ਕੇਂਦਰਾਂ ਅਤੇ 2 ਸਬ ਡਵੀਜਨਲ ਹਸਪਤਾਲਾਂ ਵਿਖੇ ਕੀਤਾ ਜਾਂਦਾ ਹੈ। ਇਨ੍ਹਾਂ ਸੰਸਥਾਵਾਂ ਵਿੱਚ ਮਰੀਜ ਆਪਣਾ ਮੁਫ਼ਤ ਟੈਸਟ ਅਤੇ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹੋਰ ਜਾਣਕਾਰੀ ਲਈ ਕਿਸੇ ਵੀ ਵਿਅਕਤੀ ਵਲੋਂ ਮੈਡੀਕਲ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕਰਕੇ ਕਿਸੇ ਵੀ ਸਮੇਂ ਜਾਣਕਾਰੀ ਲਈ ਜਾ ਸਕਦੀ ਹੈ।
ਟਿੱਪਣੀ ਕਰਨ ਲਈ ਤੁਹਾਨੂੰ ਦਾਖਲ ਹੋਣਾ ਪਵੇਗਾ।