ਚੰਡੀਗੜ੍ਹ,
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਜਿੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ 40 ਲੱਖ ਰੁਪਏ ਦੀ ਵਿੱਤੀ ਧੋਖਾਧੜੀ ਸਬੰਧੀ ਦਰਜ ਕਰਵਾਈ ਗਈ ਪੁਲਿਸ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲ਼ੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਿਹਾ ਹੈ।
ਇਹ ਵੀ ਪੜ੍ਹੋ :- ED ਨੇ ਪੰਜਾਬ ਦਾ ਡੀ ਸੀ ਚੁੱਕਿਆ ?
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
One thought on “VIGILANCE BUREAU ARRESTS POLICE POST INCHARGE ਪੁਲਿਸ ਚੌਕੀ ਇੰਚਾਰਜ ਗ੍ਰਿਫ਼ਤਾਰ”
Comments are closed.