7 ਜੂਨ, ਸੰਗਰੂਰ ( ਭੁਪਿੰਦਰ ਵਾਲੀਆ ) ਆਮ ਆਦਮੀ ਪਾਰਟੀ ਸਰਕਾਰ ਜੋ ਕਿ ਵੋਟਾਂ ਤੋਂ ਪਹਿਲਾਂ ਬੇਰੁਜ਼ਗਾਰ ਨੌਜਵਾਨਾਂ ਨਾਲ ਨੌਕਰੀ ਦੇਣ ਦੇ ਵਾਅਦੇ ਨੂੰ ਲੈ ਕੇ ਸੱਤਾ ਵਿੱਚ ਆਈ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਭੁੱਲ ਕੇ ਸੱਤਾ ਦੇ ਨਸ਼ੇ ਵਿੱਚ ਹੰਕਾਰੀ ਹੋ ਚੁੱਕੀ ਹੈ । ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੇ ਵੋਟਾਂ ਵੇਲੇ ਵਾਅਦਾ ਕੀਤਾ ਸੀ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਾਂਗੇ ਪਰ ਸਿੱਖਿਆ ਦੇ ਖੇਤਰ ਵਿੱਚ ਹਾਲੇ ਤੱਕ ਇਕ ਵੀ ਅਧਿਆਪਕਾਂ ਦੀ ਭਰਤੀ ਪੂਰੀ ਨਹੀਂ ਕੀਤੀ ਗਈ ਹੈ ।
6635 ਈਟੀਟੀ ਅਧਿਆਪਕਾਂ ਦੀ ਭਰਤੀ ਜੋ ਕਿ ਲੰਮੇ ਸਮੇਂ ਤੋਂ ਕੋਰਟ ਕੇਸ ਵਿੱਚ ਫਸੀ ਹੋਈ ਸੀ ਉਸ ਦੀ 16 ਮਈ ਤੋਂ ਰੋਕ ਹਟਣ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਭਰਤੀ ਪੂਰੀ ਕਰਨ ਦੇ ਸੰਬੰਧੀ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ । ਜਦੋਂਕਿ ਈਟੀਟੀ ਅਧਿਆਪਕਾਂ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਸਕੂਲਾਂ ਵਿੱਚ ਅਸਾਮੀਆਂ ਖਾਲੀਆਂ ਪਈਆਂ ਹਨ ।
ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ 6635 ਈਟੀਟੀ ਅਧਿਆਪਕਾਂ ਨੂੰ ਜਲਦੀ ਜਲਦੀ ਨਿਯੁਕਤੀ ਪੱਤਰ ਦਿੱਤੇ ਜਾਣ ਤਾਂ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ , 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਆਨਲਾਈਨ ਪੋਰਟਲ ਖੋਲ੍ਹਿਆ ਜਾਵੇ, 2364 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਬਹਾਲ ਕੀਤਾ ਜਾਵੇ, ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਆਉਣ ਵਾਲੀ ਭਰਤੀ ਚ ਇਕ ਮੌਕਾ ਦਿੱਤਾ ਜਾਵੇ ।
ਜੇਕਰ ਪੰਜਾਬ ਸਰਕਾਰ ਵੱਲੋਂ 6635 ਅਧਿਆਪਕਾਂ ਨੂੰ ਜਲਦੀ ਨਿਯੁਕਤੀ ਪੱਤਰ ਨਾ ਦਿੱਤੇ ਗਏ ਤਾਂ ਮੁੜ ਸਾਨੂੰ ਟੈਂਕੀਆਂ ਟਾਵਰਾਂ ਤੇ ਚੜ੍ਹਨ ਲਈ ਮਜਬੂਰ ਨਾ ਕਰੇ । ਕਿਉਂਕਿ ਆਰ ਪਾਰ ਦੀ ਲੜਾਈ ਦੌਰਾਨ ਜੋ ਵੀ ਨੁਕਸਾਨ ਹੋਏਗਾ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਹੋਵੇਗਾ ।