ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਫੈਸਲਾ

ਸੰਗਰੂਰ,20 ਸਤੰਬਰ (ਜਗਸੀਰ ਲੌਂਗੋਵਾਲ ) –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ’ਤੇ ਰੀਵਿਊ ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਸੀਨੀਅਰ ਵਕੀਲਾਂ ਦੀ ਰਾਏ ਲਈ ਜਾਵੇਗੀ ਅਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ ਉਸ ਨੂੰ ਅਮਲ ਵਿਚ ਲਿਆਂਦਾ ਜਾਵੇਗਾ।
ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ ਹੈ। ਇਥੇ ਸਥਿਤ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰਿਆਣਾ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਦੇ ਮਾਮਲੇ ਵਿਚ ਰੀਵਿਊ ਪਟੀਸ਼ਨ ਪਾਉਣ ’ਤੇ ਸਹਿਮਤੀ ਬਣੀ ਹੈ, ਜਿਸ ਸਬੰਧ ਵਿਚ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਦਿੱਲੀ ਰਵਾਨਾ ਹੋ ਗਏ ਹਨ। ਉਨ੍ਹਾਂ ਆਖਿਆ ਕਿ ਭਾਵੇਂ ਅਜੇ ਸ਼੍ਰੋਮਣੀ ਕਮੇਟੀ ਨੂੰ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਪ੍ਰਾਪਤ ਨਹੀਂ ਹੋਈ, ਪਰ ਫਿਰ ਵੀ ਸੀਨੀਅਰ ਵਕੀਲਾਂ ਨਾਲ ਰਾਏ ਮਸ਼ਵਰਾ ਕਰਨ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ।
ਉਨ੍ਹਾਂ ਆਖਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ’ਤੇ ਟਿੱਪਣੀ ਕਰਨਾ ਠੀਕ ਨਹੀਂ ਹੈ, ਪਰ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਸ੍ਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਲਈ ਖੇਡੀ ਗਈ ਚਾਲ ਸਿੱਖ ਸ਼ਕਤੀ ਨੂੰ ਵੰਡਣ ਵਾਲੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਤਤਕਾਲੀ ਮੁੱਖ ਮੰਤਰੀ ਸ੍ਰੀ ਹੁੱਡਾ ਤਾਂ ਸਿੱਖਾਂ ਦਾ ਕਤਲੇਆਮ ਕਰਨ ਵਾਲੀ ਕਾਂਗਰਸ ਜਮਾਤ ਦਾ ਅੰਗ ਸੀ, ਪਰ ਦੁੱਖ ਦੀ ਗੱਲ ਹੈ ਕਿ ਭਾਜਪਾ ਦੀ ਮੌਜੂਦਾ ਸਰਕਾਰ ਵੀ ਉਸ ਦੇ ਨਕਸ਼ੇ ਕਦਮਾਂ ’ਤੇ ਚੱਲ ਕੇ ਸਿੱਖਾਂ ਦੀ ਸਰਵਉੱਚ ਸੰਸਥਾ ਨੂੰ ਤੋੜਨ ਵਿਚ ਭਾਗੀ ਬਣੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਅਤੇ ਸਿੱਖ ਸ਼ਕਤੀ ਨੂੰ ਵੰਡਣ ਦੀ ਰਾਜਨੀਤੀ ਠੀਕ ਨਹੀਂ ਹੈ ਅਤੇ ਸਰਕਾਰਾਂ ਨੂੰ ਸਿੱਖ ਮਸਲਿਆਂ ਵਿਚ ਦਖ਼ਲ ਨਹੀਂ ਦੇਣਾ ਚਾਹੀਦਾ।
 
ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਲੱਗੇਗਾ ਸੋਲਰ ਪਲਾਂਟ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਸੂਰਜੀ ਊਰਜਾ ਪਲਾਂਟ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕੁਦਰਤੀ ਸੋਮਿਆਂ ਦੀ ਵਰਤੋਂ ਦੇ ਰੁਝਾਨ ਵਿਚ ਵਾਧਾ ਕਰਨ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜ ਕਰ ਰਹੀ ਹੈ ਅਤੇ ਇਸ ਤਹਿਤ ਪਹਿਲਾਂ ਹੀ ਕਈ ਗੁਰਦੁਆਰਾ ਸਾਹਿਬਾਨ ’ਚ ਸੋਲਰ ਸਿਸਟਮ ਸਥਾਪਿਤ ਕੀਤੇ ਜਾ ਚੁੱਕੇ ਹਨ। ਹੁਣ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਪਲਾਂਟ ਲਗਾਇਆ ਜਾਵੇਗਾ ਅਤੇ ਭਵਿੱਖ ਵਿਚ ਹੋਰ ਗੁਰੂ ਘਰਾਂ ਵਿਚ ਵੀ ਇਸ ਦਾ ਵਿਸਥਾਰ ਹੋਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਵਿਸ਼ਾਲ ਪਾਰਕਿੰਗ ਅਤੇ ਸਰਾਵਾਂ ਦਾ ਨਿਰਮਾਣ ਕੀਤਾ ਜਾਵੇਗਾ। ਇਸ ਸਬੰਧ ਵਿਚ ਅਕਾਲੀ ਬਾਗ ਵਾਲੇ ਸਥਾਨ ’ਤੇ ਬਹੁਮੰਜ਼ਿਲਾ ਇਮਾਰਤ ਉਸਾਰੀ ਜਾਵੇਗੀ। ਕਰੀਬ 7 ਏਕੜ ਰਕਬੇ ਵਾਲੇ ਇਸ ਸਥਾਨ ’ਤੇ ਨਿਰਮਾਣ ਕਾਰਜਾਂ ਲਈ ਆਉਂਦੀਆਂ ਮੁਸ਼ਕਲਾਂ ਦਾ ਸਰਲੀਕਰਨ ਹੋ ਚੁੱਕਾ ਹੈ ਅਤੇ ਉਸਾਰੀ ਕਾਰਜ ਜਲਦ ਆਰੰਭ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਲੈ ਕੇ ਤਿਆਰੀਆਂ ਜਾਰੀ ਹਨ ਅਤੇ ਪਾਕਿਸਤਾਨ ਵਿਖੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼੍ਰੋਮਣੀ ਕਮੇਟੀ ਵਫ਼ਦ ਜਲਦ ਜਾਣ ਦੀ ਸੰਭਾਵਨਾ ਹੈ। ਇਸ ਸਬੰਧ ਵਿਚ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨਾਲ ਲਿਖਾ ਪੜ੍ਹੀ ਜਾਰੀ ਹੈ ਅਤੇ ਆਸ ਹੈ ਕਿ ਇਸੇ ਮਹੀਨੇ ਵਿਚ ਵਫ਼ਦ ਪਾਕਿਸਤਾਨ ਜਾਵੇਗਾ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ, ਸ. ਦੀਦਾਰ ਸਿੰਘ ਬੈਂਸ ਅਮਰੀਕਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਗੁਰਿੰਦਰਪਾਲ ਸਿੰਘ ਰਈਆ ਤੇ ਜਥੇਦਾਰ ਗੁਰਦੀਪ ਸਿੰਘ ਜੀਰਾ ਦੇ ਚਲਾਣੇ ’ਤੇ ਸ਼ੋਕ ਮਤੇ ਪੜ੍ਹ ਕੇ ਸ਼ਰਧਾਜਲੀ ਦਿੱਤੀ ਗਈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ, ਸ. ਨਿਰਵੈਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਗੁਰਚਰਨ ਸਿੰਘ ਕੁਹਾਲਾ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਅਜਾਦਦੀਪ ਸਿੰਘ, ਸ. ਤਰਸੇਮ ਸਿੰਘ, ਸ. ਰਜਵੰਤ ਸਿੰਘ, ਐਕਸੀਅਨ ਸ. ਪਰਮਜੀਤ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ ਮੌਜੂਦ ਸਨ।