ਚੰਡੀਗੜ੍ਹ, 22 ਮਾਰਚ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ (bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
25,000 ਰੁਪਏ ਰਿਸ਼ਵਤ ਲੈਂਦਾ ਕੀਤਾ ਕਾਬੂ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਡਿਆਇਆ ਚੌਂਕ ਬਰਨਾਲਾ ਵਿਖੇ ਸਥਿਤ ਉਸਦੀ ਮੋਟਰ ਵਰਕਸ਼ਾਪ ਦਾ ਨਕਸ਼ਾ ਪਾਸ ਕਰਵਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 25,000 ਰੁਪਏ ਵਿੱਚ ਤੈਅ ਹੋ ਗਿਆ ਹੈ।
ਇਹ ਵੀ ਪੜ੍ਹੋ :- CM Kejriwal ਦੀ ਗ੍ਰਿਫ਼ਤਾਰੀ ‘ਆਪ’ ਦਾ ਪ੍ਰਦਰਸ਼ਨ
ਪਟਿਆਲਾ ਵਿਖੇ ਮੁਕੱਦਮਾ ਦਰਜ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।