ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਨੱਪਣ ਵਿੱਚ ‘ਆਪ’ ਸਰਕਾਰ ਮੋਹਰੀ

5

ਪੰਜਾਬ ਸਰਕਾਰ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਇਆ ਜਾਰੀ ਕਰੇ: ਡੀ.ਟੀ.ਐੱਫ.

ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਪੰਜਾਬ ਦੇ ਮੁਲਾਜ਼ਮ ਕੇਂਦਰ ਨਾਲੋਂ 12 ਫੀਸਦੀ ਪਿਛੜੇ

ਸੰਗਰੂਰ, 30 ਨਵੰਬਰ,

ਕੇਂਦਰੀ ਮਹਿੰਗਾਈ ਸੂਚਕ ਅੰਕ ਅਨੁਸਾਰ ਮਿਲਣਯੋਗ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਪੈਂਡਿੰਗ ਹੋਣ ਕਾਰਨ ਪੰਜਾਬ ਦੇ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਗੁੱਸੇ ਦੀ ਭਾਵਨਾ ਪਾਈ ਜਾ ਰਹੀ ਹੈ ਅਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਮਹਿੰਗਾਈ ਭੱਤੇ ਸਮੇਤ ਹੋਰਨਾਂ ਮਸਲਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਵੀ ਜ਼ਾਰੀ ਹਨ। ਇਸ ਸੰਬੰਧੀ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਨੇ ਵੀ ਬਿਆਨ ਜ਼ਾਰੀ ਕਰਦਿਆਂ ਪੰਜਾਬ ਸਰਕਾਰ ਦੇ ਮੁਲਾਜ਼ਮ ਮੰਗਾਂ ਪੂਰੀਆਂ ਕਰਨ ਤੋਂ ਕਿਨਾਰਾ ਕਰਨ ਅਤੇ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਲੰਬੀ ਚੁੱਪ ਅਖਤਿਆਰ ਕਰਨ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ‘AAP’ government is leading in paying dearness allowance to employees

ਡੀ.ਟੀ.ਐੱਫ. ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ‘ਤੇ ਅੱਖਾਂ ਮੀਟਣ ਵਾਲੇ ਵਿਵਹਾਰ ਸਬੰਧੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਹੋਏ ਵਾਅਦਿਆਂ ਤੋਂ ਮੁੱਕਰ ਰਹੀ ਹੈ ਅਤੇ ਬਦਲਾਅ ਦਾ ਨਾਹਰਾ ਲਗਾ ਕੇ ਸੱਤਾ ਵਿੱਚ ਆਉਣ ਵਾਲੀ ਮੌਜੂਦਾ ‘ਆਪ’ ਸਰਕਾਰ ਵੀ ਮਹਿੰਗਾਈ ਭੱਤਾ ਰੋਕਣ ਦੇ ਮਾਮਲੇ ਵਿੱਚ ਪਹਿਲੀਆਂ ਸਰਕਾਰਾਂ ਦੇ ਰਾਹ ‘ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਿੱਥੇ ਪੰਜਾਬ ਦੇ ਮੁਲਾਜ਼ਮਾਂ ਨੂੰ ਅਧੂਰਾ ਤਨਖਾਹ ਕਮਿਸ਼ਨ ਦਿੱਤਾ ਹੈ, ਉੱਥੇ ਹੀ ਪੇਂਡੂ ਭੱਤੇ ਅਤੇ ਬਾਰਡਰ ਏਰੀਆ ਭੱਤੇ ਸਮੇਤ 37 ਕਿਸਮ ਦੇ ਹੋਰ ਭੱਤੇ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੰਜਾਬ ਤਨਖਾਹ ਸਕੇਲ, ਨਵੀਂ ਪੈਨਸ਼ਨ ਸਕੀਮ ਦੀ ਥਾਂ ਪੁਰਾਣੀ ਪੈਨਸ਼ਨ ਪ੍ਰਣਾਲੀ ਅਤੇ 4-9-14 (ਏ.ਸੀ.ਪੀ.) ਦੇ ਲਾਭ ਵੀ ਰੋਕੇ ਹੋਏ ਹਨ, ਇਸਦੇ ਨਾਲ ਹੀ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਵੀ ਰੋਕ ਰੱਖੀਆਂ ਹਨ। ਇਸ ਨਾਲ ਪੰਜਾਬ ਸਰਕਾਰ ਦੇ ਮੁਲਾਜ਼ਮ ਕੇਂਦਰ ਦੇ ਮੁਲਾਜ਼ਮਾਂ ਨਾਲੋਂ ਕਾਫ਼ੀ ਘੱਟ ਤਨਖਾਹ ਲੈ ਰਹੇ ਹਨ।

ਡੀਟੀਐੱਫ ਦੇ ਆਗੂਆਂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਔਜਲਾ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ‌ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2022, ਜਨਵਰੀ 2023 ਅਤੇ ਜੁਲਾਈ 2023 ਦੀਆਂ ਮਹਿੰਗਾਈ ਭੱਤੇ (ਡੀ.ਏ.) ਦੀਆਂ ਤਿੰਨ ਕਿਸ਼ਤਾਂ ਜਾਰੀ ਨਾ ਕੀਤੇ ਜਾਣ ਕਰਕੇ ਪੰਜਾਬ ਦੇ ਮੁਲਾਜ਼ਮ ਕੇਂਦਰ ਦੇ ਮੁਲਾਜ਼ਮਾਂ ਤੋਂ 12% ਘੱਟ ਡੀ.ਏ. ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜੱਥੇਬੰਦੀਆਂ ਵੱਲੋਂ ਕੀਤੇ ਲੰਮੇ ਸੰਘਰਸ਼ਾਂ ਬਾਅਦ ਮੁਲਾਜ਼ਮਾਂ ਨੂੰ ਵਧਦੀ ਮਹਿੰਗਾਈ ਮੁਤਾਬਕ ਹਾਸਲ ਹੋਈਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਰੋਕ ਕੇ ਸਰਕਾਰ ਮੁਲਾਜ਼ਮਾਂ ਦੇ ਹੱਕ ਦੱਬਣ ਤੇ ਲੱਗੀ ਹੋਈ ਹੈ, ਜੋ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Google search engine