ਮੁਲਾਜ਼ਮਾਂ ਲਈ ਵੱਡੀ ਰਾਹਤ
ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਪੰਜਾਬ ਸਰਕਾਰ: ਭਗਵੰਤ ਮਾਨ
ਮੁੱਖ ਸਕੱਤਰ ਨੂੰ ਸਕੀਮ ਲਾਗੂ ਕਰਨ ਲਈ ਸੰਭਾਵਨਾ ਤੇ ਕਾਰਜਪ੍ਰਣਾਲੀ ਬਾਰੇ ਘੋਖ ਕਰਨ ਆਖਿਆ
ਚੰਡੀਗੜ੍ਹ, 19 ਸਤੰਬਰ
-ਸੂਬਾ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਉਤੇ ਵਿਚਾਰ ਕਰ ਰਹੀ ਹੈ। Announcement by the Chief Minister to consider the restoration of the old pension scheme.
ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸੂਬੇ ਦੇ ਮੁੱਖ ਸਕੱਤਰ ਨੂੰ ਇਸ ਸਕੀਮ ਨੂੰ ਲਾਗੂ ਕਰਨ ਦੀ ਸੰਭਾਵਨਾ ਤਲਾਸ਼ਣ ਅਤੇ ਕਾਰਜਪ੍ਰਣਾਲੀ ਬਾਰੇ ਗੌਰ ਕਰਨ ਲਈ ਕਿਹਾ ਤਾਂ ਕਿ ਸੂਬੇ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲ ਸਕੇ। ਮੁਲਾਜ਼ਮਾਂ ਦੀ ਭਲਾਈ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਕੁੱਝ ਮਹੀਨਿਆਂ ਵਿੱਚ ਮੁਲਾਜ਼ਮ ਪੱਖੀ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਠੇਕੇ ਉਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਲਿਆਂਦੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਸਰਕਾਰ ਨੇ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਜਿੱਥੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਸਕਣ, ਉਥੇ ਸਟਾਫ਼ ਦੀ ਘਾਟ ਦੂਰ ਹੋਣ ਨਾਲ ਵਿਭਾਗਾਂ ਦੀ ਕਾਰਗੁਜ਼ਾਰੀ ਵਿੱਚ ਵੀ ਸੁਧਾਰ ਹੋ ਸਕੇ।
ਜ਼ਿਕਰਯੋਗ ਹੈ ਕਿ ਸਾਲ 2004 ਵਿੱਚ ਪੁਰਾਣੀ ਪੈਨਸ਼ਨ ਸਕੀਮ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਮੁਲਾਜ਼ਮ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕਰਦੇ ਆ ਰਹੇ ਹਨ।