ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਨੂੰ ‘ਝੂਠ ਦੀ ਬਿਮਾਰੀ’ ਤੋਂ ਲੰਮੇ ਸਮੇਂ ਤੋਂ ਪੀੜਤ ਦੱਸਿਆ
ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਅਕੀਦਤ ਭੇਟ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਫੈਸਲਿਆਂ ਦੀ ਆਲੋਚਨਾ ਕਰਨ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਕੋਈ ਪੁਖ਼ਤਾ ਮਸਲਾ ਨਾ ਹੋਣ ਕਾਰਨ ਉਹ ਸਿਰਫ਼ ਆਲੋਚਨਾ ਲਈ ਹੀ ਸੂਬਾ ਸਰਕਾਰ ਦੀ ਆਲੋਚਨਾ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਹੋਛੇ ਹਥਕੰਡਿਆਂ ਕਾਰਨ ਰਾਜ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਦੇ ਕੰਮ ਤੋਂ ਪਿੱਛੇ ਨਹੀਂ ਹਟੇਗੀ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ, ਨਸ਼ਿਆਂ, ਬੇਰੋਜ਼ਗਾਰੀ ਤੋਂ ਹੋਰ ਅਲਾਮਤਾਂ ਤੋਂ ਮੁਕਤ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਇਸ ਲੋਕ ਭਲਾਈ ਦੇ ਕਾਰਜ ਲਈ ਲੋਕਾਂ ਨੂੰ ਪੂਰਾ ਸਹਿਯੋਗ ਤੇ ਤਾਲਮੇਲ ਦੀ ਅਪੀਲ ਕਰਦਿਆਂ ਆਖਿਆ ਕਿ ਉਨ੍ਹਾਂ ਦੇ ਸਹਿਯੋਗ ਤੋਂ ਬਿਨਾਂ ਇਸ ਵੱਡੇ ਕਾਰਜ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸ਼ਾਸਨ ਦੌਰਾਨ ਆਪਣੀਆਂ ਜੜ੍ਹਾਂ ਡੂੰਘੀਆਂ ਕਰ ਚੁੱਕੀਆਂ ਇਨ੍ਹਾਂ ਅਲਾਮਤਾਂ ਤੋਂ ਛੁਟਕਾਰਾ ਪਾਉਣ ਲਈ ਸੂਬਾ ਸਰਕਾਰ ਦਾ ਪੂਰਾ ਢਾਂਚਾ ਲੋਕਾਂ ਨਾਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਖ਼ਜ਼ਾਨੇ ਦੀ ਬੇਰਹਿਮੀ ਨਾਲ ਲੁੱਟ ਕੀਤੀ। ਉਨ੍ਹਾਂ ਕਿਹਾ ਕਿ ਕਰਦਾਤਾਵਾਂ ਦਾ ਪੈਸਾ ਲੁੱਟਣ ਵਿੱਚ ਪਿਛਲੀਆਂ ਸਰਕਾਰਾਂ ਨੇ ਅੰਗਰੇਜ਼ਾਂ ਨੂੰ ਵੀ ਪਿੱਛੇ ਛੱਡ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਇਨ੍ਹਾਂ ਭ੍ਰਿਸ਼ਟ ਲੀਡਰਾਂ ਤੋਂ ਇਕ-ਇਕ ਪੈਸਾ ਵਾਪਸ ਕਰਵਾ ਕੇ ਇਸ ਨੂੰ ਲੋਕ ਭਲਾਈ ਲਈ ਵਰਤੇਗੀ।
ਆਪਣੀ ਸਰਕਾਰ ਦੀਆਂ ਮਿਸਾਲੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਮੁਹੱਈਆ ਕਰਵਾ ਰਹੀ ਹੈ ਅਤੇ ਲੋਕਾਂ ਦੇ ਪੈਸੇ ਦੀ ਚੋਰੀ ਨੂੰ ਰੋਕ ਦਿੱਤਾ ਗਿਆ ਹੈ ਅਤੇ ਹੁਣ ਇਹ ਪੈਸਾ ਸੂਬੇ ਅਤੇ ਇਸ ਦੇ ਲੋਕਾਂ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਲਈ ਸਰਕਾਰ ਨੇ ‘ਇਕ ਵਿਧਾਇਕ, ਇਕ ਪੈਨਸ਼ਨ’ ਵਰਗਾ ਇਤਿਹਾਸਕ ਕਦਮ ਚੁੱਕਿਆ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਸੂਬੇ ਭਰ ਵਿੱਚ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਹੁਣ ਤੱਕ ਦੋ ਲੱਖ ਤੋਂ ਵੱਧ ਮਰੀਜ਼ ਇਨ੍ਹਾਂ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਸਹੂਲਤਾਂ ਪ੍ਰਾਪਤ ਕਰ ਚੁੱਕੇ ਹਨ ਅਤੇ 30 ਹਜ਼ਾਰ ਤੋਂ ਵੱਧ ਖ਼ੂਨ ਦੇ ਟੈਸਟ ਕੀਤੇ ਜਾ ਚੁੱਕੇ ਹਨ ਅਤੇ ਉਹ ਵੀ ਮੁਫ਼ਤ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਲਈ ਮਿਆਰੀ ਸਿਹਤ ਸੰਭਾਲ ਸਹੂਲਤਾਂ ਯਕੀਨੀ ਬਣਾਉਣ ਦੇ ਨਾਲ-ਨਾਲ ਇਨ੍ਹਾਂ ਕਲੀਨਿਕਾਂ ਨੇ ਵੱਡੇ ਹਸਪਤਾਲਾਂ ਤੋਂ ਵਾਧੂ ਬੋਝ ਨੂੰ ਵੀ ਘੱਟ ਕੀਤਾ ਹੈ। ਇਸੇ ਤਰ੍ਹਾਂ ਸੂਬੇ ਦੇ ਲੱਖਾਂ ਘਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਮੁਹੱਈਆ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਪਾਸੇ ਨਵੀਂ ਭਰਤੀ ਲਈ ਪ੍ਰਕਿਰਿਆ ਚੱਲ ਰਹੀ ਹੈ ਅਤੇ ਦੂਜੇ ਪਾਸੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਦਾ ਕੰਮ ਵੀ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਆਟਾ-ਦਾਲ ਮੁਹੱਈਆ ਕਰਨ ਲਈ ਇਕ ਸਕੀਮ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਪੈਨਸ਼ਨਾਂ ਵੀ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵਿਕਸਤ ਕਰਨ ਲਈ ਸੂਬਾ ਸਰਕਾਰ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾ ਰਹੀ ਹੈ। ਮੇਲਿਆਂ ਨੂੰ ਪੰਜਾਬ ਦੀ ਰਵਾਇਤ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਮੇਲਿਆਂ ਦੀ ਰਵਾਇਤ ਨੂੰ ਜ਼ਰੂਰ ਜਿਊਂਦਾ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੇਲੇ ਹੋਰ ਰਾਜਾਂ ਦੇ ਸੱਭਿਆਚਾਰ, ਰਵਾਇਤਾਂ ਤੇ ਪ੍ਰਤਿਭਾਵਾਂ ਬਾਰੇ ਜਾਨਣ ਦਾ ਪਲੇਟਫਾਰਮ ਮੁਹੱਈਆ ਕਰਦੇ ਹਨ।
ਬਾਬਾ ਸ਼ੇਖ ਫ਼ਰੀਦ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਹਾਨ ਰੂਹਾਨੀ ਸਫ਼ੀਰ, ਕਵੀ, ਪੈਗੰਬਰ ਤੇ ਭਾਰਤ ਵਿੱਚ ਸੂਫ਼ੀ ਵਿਚਾਰਧਾਰਾ ਦੇ ਬਾਨੀ ਦੱਸਿਆ। ਉਨ੍ਹਾਂ ਕਿਹਾ ਕਿ ਬਾਬਾ ਜੀ ਦਾ ਮਾਨਵਤਾਵਾਦੀ ਦਰਸ਼ਨ ਤੇ ਰੂਹਾਨੀਅਤ, ਪਿਆਰ, ਹਮਦਰਦੀ, ਬਰਾਬਰੀ, ਨਿਮਰਤਾ, ਭਾਈਚਾਰੇ ਤੇ ਆਜ਼ਾਦੀ ਦੇ ਸਿਧਾਂਤਾਂ ਦੀ ਸਰਬਉੱਚਤਾ ਅਤੇ ਵਿਆਪਕਤਾ ਉਤੇ ਆਧਾਰਤ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਬਾਬਾ ਫ਼ਰੀਦ ਜੀ ਦਾ ਜੀਵਨ ਤੇ ਫਲਸਫ਼ਾ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਬਹੁਤ ਜ਼ਿਆਦਾ ਪ੍ਰਸੰਗਕ ਹੈ।
ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਨਸਲਾਂ ਨੂੰ ਪੂਰੇ ਉਤਸ਼ਾਹ, ਸਮਰਪਣ ਤੇ ਨਿਮਰਤਾ ਨਾਲ ਲੋਕਾਈ ਦੀ ਸੇਵਾ ਕਰਨ ਲਈ ਪ੍ਰੇਰਨਾ ਦਾ ਸਰੋਤ ਬਣੀਆਂ ਰਹਿਣਗੀਆਂ। ਲੋਕਾਂ ਨੂੰ ਬਾਬਾ ਜੀ ਦੇ ਨਕਸ਼-ਏ-ਕਦਮ ਉਤੇ ਚੱਲਣ ਦੀ ਪ੍ਰੇਰਨਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਸਮਾਜ ਵਿੱਚ ਫਿਰਕੂ ਸਦਭਾਵਨਾ, ਅਮਨ ਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਐਲਾਨ ਕੀਤਾ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਵਿਕਾਸ ਨੂੰ ਵੱਡੀ ਗਤੀ ਦੇਣ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹੇ ਵਿੱਚ ਪੁੱਜਣ ਉਤੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਉਨ੍ਹਾਂ ਸੂਬੇ ਦਾ ਵੱਡੇ ਪੱਧਰ ਉਤੇ ਵਿਕਾਸ ਯਕੀਨੀ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।
ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸ਼ੁੱਭ ਮੌਕੇ ਉਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਫ਼ਰੀਦਕੋਟ ਜ਼ਿਲ੍ਹੇ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ।
ਸਮਾਗਮ ਦੌਰਾਨ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਵਿਧਾਇਕ ਗੁਰਦਿੱਤ ਸਿੰਘ, ਅਮੋਲਕ ਸਿੰਘ, ਰਣਬੀਰ ਸਿੰਘ ਭੁੱਲਰ ਤੇ ਕਾਕਾ ਬਰਾੜ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ ਤੇ ਹੋਰ ਹਾਜ਼ਰ ਸਨ।