ਅਮਨ ਅਰੋੜਾ ਵੱਲੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਭ ਤੋਂ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਦੀ ਸੂਚੀ ਜਮ੍ਹਾਂ ਕਰਾਉਣ ਦੇ ਨਿਰਦੇਸ਼


ਅਧਿਕਾਰੀਆਂ ਨੂੰ ਲੋਕਾਂ ਦੇ ਸਸ਼ਕਤੀਕਰਨ ਲਈ ਹਰ ਪੱਧਰ ’ਤੇ ਪ੍ਰਸ਼ਾਸਨਿਕ ਢਾਂਚੇ ਵਿੱਚ ਸੁਧਾਰ ਅਤੇ ਜਵਾਬਦੇਹੀ ’ਤੇ ਜ਼ੋਰ ਦੇਣ ਲਈ ਵੀ ਕਿਹਾ

ਚੰਡੀਗੜ੍ਹ, 24 ਮਾਰਚ:

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ (ਡੀ.ਜੀ.ਆਰ.ਐਂਡ.ਪੀ.ਜੀ.) ਮੰਤਰੀ ਵਜੋਂ ਇੱਕ ਹੋਰ ਵਿਭਾਗ ਦਾ ਚਾਰਜ ਸੰਭਾਲ ਲਿਆ ਹੈ।Assumes charge as Governance Reforms & Public Grievances Minister

ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ।

ਇਸ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਡੀ.ਜੀ.ਆਰ. ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 535 ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਨਿਰਧਾਰਤ ਸਮੇਂ ਵਿੱਚ 433 ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐੱਸ.), ਈ-ਆਫਿਸ ਅਤੇ ਸਟੇਟ ਡੀ.ਬੀ.ਟੀ. ਸੈੱਲ ਅਤੇ ਵਿਭਾਗ ਵੱਲੋਂ ਚਲਾਏ ਜਾ ਰਹੇ ਹੋਰ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ।

ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਦੇ ਇੱਕ ਸਾਲ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਅਤੇ ਸਭ ਤੋਂ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਬਾਰੇ ਅਤੇ ਸੇਵਾ ਵਿੱਚ ਦੇਰੀ ਕਰਨ ਵਾਲੇ ਮੁਲਾਜ਼ਮਾਂ ਦੀ ਸੂਚੀ ਜਮ੍ਹਾਂ ਕਰਵਾਈ ਜਾਵੇ।

ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਸ਼ਾਸਨਿਕ ਢਾਂਚੇ ਵਿੱਚ ਹਰ ਪੱਧਰ ’ਤੇ ਹੋਰ ਸੁਧਾਰ ਕਰਨ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਹੋਰ ਜ਼ੋਰਦਾਰ ਢੰਗ ਨਾਲ ਕੰਮ ਕਰਨ ਕਿਹਾ ਤਾਂ ਜੋ ਸੂਚਨਾ ਤੇ ਤਕਨਾਲੋਜੀ ਰਾਹੀਂ ਲੋਕਾਂ ਨੂੰ  ਨਿਰਵਿਘਨ, ਪਾਰਦਰਸ਼ੀ ਤੇ ਸੁਖਾਲੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤਾਂ ਜੋ ਲੋਕਾਂ ਨੂੰ ਪਾਰਦਰਸ਼ੀ  ਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ ।