BDPO KHANNA SUSPENDED FOR EMBEZZLING GOVERNMENT FUNDS
BDPO KHANNA SUSPENDED FOR EMBEZZLING GOVERNMENT FUNDS
ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ
ਭ੍ਰਿਸ਼ਟ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਾਂਗੇ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 16 ਦਸੰਬਰ:
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀ.ਡੀ.ਪੀ.ਓ. ਖੰਨਾ ਕੁਲਵਿੰਦਰ ਸਿੰਘ ਰੰਧਾਵਾ ਵਿਰੁੱਧ ਸ਼ਿਕਾਇਤਾਂ ਦੇ ਆਧਾਰ ‘ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ), ਲੁਧਿਆਣਾ ਨੂੰ ਜਾਂਚ ਸੌਂਪੀ ਗਈ ਸੀ। ਉਨ੍ਹਾਂ ਦੱਸਿਆ ਕਿ ਡੀ.ਡੀ.ਪੀ.ਓ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਵਿੱਚ ਦੱਸਿਆ ਗਿਆ ਕਿ ਕੁਲਵਿੰਦਰ ਸਿੰਘ ਰੰਧਾਵਾ ਨੇ ਪੰਚਾਇਤ ਸੰਮਤੀ ਖੰਨਾ ਦੇ ਫ਼ੰਡਾਂ ਦੀ ਦੁਰਵਰਤੋਂ ਕੀਤੀ ਅਤੇ ਅਣਅਧਿਕਾਰਤ ਖਾਤੇ ਖੁਲ੍ਹਵਾ ਕੇ ਬਿਨਾਂ ਮਨਜ਼ੂਰੀ ਤੋਂ 58.25 ਲੱਖ ਰੁਪਏ ਦੀਆਂ ਗ਼ਲਤ ਢੰਗ ਨਾਲ ਅਦਾਇਗੀਆਂ ਕੀਤੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਸਾਂ ਦੇ ਆਧਾਰ ‘ਤੇ ਕੁਲਵਿੰਦਰ ਸਿੰਘ ਰੰਧਾਵਾ ਬੀ.ਡੀ.ਪੀ.ਓ ਖੰਨਾ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।
ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਐਸ.ਏ.ਐਸ ਨਗਰ ਹੋਵੇਗਾ। ਹੁਕਮਾਂ ਮੁਤਾਬਕ ਮਅੱਤਲ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ਼ ਦੇ ਨਿਯਮ 7.2 ਅਧੀਨ ਨਿਯਮਾਂ ਤੇ ਸ਼ਰਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।
ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਡਿਊਟੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।