Bhagwant Mann has trapped the Modi Government

12

Bhagwant Mann has trapped the Modi Government

ਭਗਵੰਤ ਮਾਨ ਨੇ ਮੋਦੀ ਸਰਕਾਰ ਨੂੰ ਕਸੂਤਾ ਫਸਾ ਦਿੱਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵਿਚਲੀ ਮੋਦੀ ਸਰਕਾਰ ਨੂੰ ਕਸੂਤਾ ਫਸਾ ਦਿੱਤਾ ਹੈ। ਗਣਤੰਤਰ ਦਿਵਸ ਸਬੰਧੀ ਕੌਮੀ ਪਰੇਡ ’ਚ ਪੰਜਾਬ ਦੀ ਝਾਕੀ ਨੂੰ ਸਥਾਨ ਨਾ ਦੇਣ ਦਾ ਮੁੱਦਾ ਭਖਣ ਮਗਰੋਂ ਮੋਦੀ ਸਰਕਾਰ ਬੈਕਫੁੱਟ ‘ਤੇ ਆ ਗਈ ਹੈ। ਚੁਫੇਰਿਓਂ ਅਲੋਚਨਾ ਹੋਣ ਮਗਰੋਂ ਕੇਂਦਰ ਸਰਕਾਰ ਨੂੰ ਪੰਜਾਬ ਸਰਕਾਰ ਅੱਗੇ ਨਵਾਂ ਬਦਲ ਪੇਸ਼ ਕਰਨਾ ਪਿਆ। ਕੇਂਦਰੀ ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਪੰਜਾਬ ਦੀ ਝਾਕੀ ਨੂੰ ਭਾਰਤ ਪਰਵ 23 ਤੋਂ 31 ਜਨਵਰੀ ਦੌਰਾਨ ਲਾਲ ਕਿਲ੍ਹੇ ਲਈ ਭੇਜ ਦਿੱਤਾ ਜਾਵੇ।

ਦੂਜੇ ਪਾਸੇ ਕੇਂਦਰੀ ਰੱਖਿਆ ਮੰਤਰਾਲੇ ਵੱਲੋਂ ਪੰਜਾਬ ਦੀ ਝਾਕੀ ਲਈ ਪੇਸ਼ ਕੀਤੇ ਗਏ ਨਵੇਂ ਪ੍ਰਸਤਾਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੀ ‘ਨਾ-ਮਨਜ਼ੂਰ ਸ਼੍ਰੇਣੀ’ ਵਿੱਚ ਸੂਬਾ ਸਰਕਾਰ ਪੰਜਾਬ ਦੀ ਝਾਕੀ ਨਹੀਂ ਭੇਜੇਗੀ। ਦਰਅਸਲ ਪੰਜਾਬ ਤੇ ਪੱਛਮੀ ਬੰਗਾਲ ਦੀ ਝਾਕੀ ਨੂੰ ਗਣਤੰਤਰ ਦਿਵਸ ਸਬੰਧੀ ਕੌਮੀ ਪਰੇਡ ’ਚੋਂ ਬਾਹਰ ਕੀਤੇ ਜਾਣ ਮਗਰੋਂ ਸਿਆਸਤ ਭਖ ਗਈ ਹੈ। ਆਖ਼ਰਕਾਰ ਰੱਖਿਆ ਮੰਤਰਾਲੇ ਨੂੰ ਇਸ ਸਬੰਧੀ ਆਪਣਾ ਸਪੱਸ਼ਟੀਕਰਨ ਦੇਣਾ ਪਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਝਾਕੀ ਨੂੰ ਕੌਮੀ ਪਰੇਡ ’ਚੋਂ ਬਾਹਰ ਕਰਨ ਸਬੰਧੀ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਸਨ, ਜਿਸ ਬਾਰੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਮੋੜਵੇਂ ਜਵਾਬ ਦਿੱਤੇ ਸਨ। ਰੱਖਿਆ ਮੰਤਰਾਲੇ ਨੇ ਐਤਵਾਰ ਨੂੰ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਪਰੇਡ ਲਈ ਝਾਕੀ ਦੀ ਚੋਣ ਵਾਸਤੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਕੋਲੋਂ ਪ੍ਰਸਤਾਵ ਮੰਗੇ ਜਾਂਦੇ ਹਨ ਤੇ ਕਿਸੇ ਤਰ੍ਹਾਂ ਦਾ ਕੋਈ ਭੇਦਭਾਵ ਨਹੀਂ ਕੀਤਾ ਜਾਂਦਾ ਹੈ।

ਮੁੱਖ ਮੰਤਰੀ ਨੇ ਜਾਰੀ ਬਿਆਨ ਵਿੱਚ ਕਿਹਾ ਹੈ, ‘‘ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਮਹਾਨ ਸ਼ਹੀਦਾਂ ਨੂੰ ਰੱਦ ਕੀਤੀ ਸ਼੍ਰੇਣੀ ਵਿੱਚ ਨਹੀਂ ਰੱਖਿਆ ਜਾ ਸਕਦਾ। ਕੇਂਦਰ ਸਰਕਾਰ ਅਜਿਹਾ ਕਰ ਕੇ ਇਨ੍ਹਾਂ ਨਾਇਕਾਂ ਦੇ ਮਹਾਨ ਯੋਗਦਾਨ ਤੇ ਕੁਰਬਾਨੀਆਂ ਦਾ ਮਹੱਤਵ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।’’

ਮੁੱਖ ਮੰਤਰੀ ਨੇ ਕਿਹਾ ਹੈ, ‘‘ਇਹ ਕਦਮ ਸਾਡੇ ਮਹਾਨ ਦੇਸ਼ ਭਗਤਾਂ ਤੇ ਕੌਮੀ ਨੇਤਾਵਾਂ ਦਾ ਘੋਰ ਨਿਰਾਦਰ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’’ ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ 30 ਦਸੰਬਰ ਨੂੰ ਇਕ ਪੱਤਰ ਲਿਖ ਕੇ ਸੂਬਾ ਸਰਕਾਰ ਨੂੰ ਕਿਹਾ ਹੈ ਕਿ ਗਣਤੰਤਰ ਦਿਵਸ ਦੀ ਪਰੇਡ ਲਈ ਸੂਬਿਆਂ ਨਾਲ ਕੀਤੇ ਐਮਓਯੂ ਦੇ ਕਲਾਜ਼-8 ਮੁਤਾਬਕ ਸੂਬਾ ਹੋਵੇ ਜਾਂ ਯੂਟੀ ਜਿਸ ਦੀ ਗਣਤੰਤਰ ਦਿਵਸ ਦੀ ਪਰੇਡ ਲਈ ਚੋਣ ਨਹੀਂ ਹੁੰਦੀ ਹੈ, ਉਸ ਸੂਬੇ ਜਾਂ ਯੂਟੀ ਨੂੰ 23 ਤੋਂ 31 ਜਨਵਰੀ ਦੌਰਾਨ ਨਵੀਂ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਹੋਣ ਵਾਲੇ ‘ਭਾਰਤ ਪਰਵ’ ਵਿੱਚ ਝਾਕੀ ਦਿਖਾਉਣ ਦਾ ਮੌਕਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਪਰਵ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਸਿੱਧ ਪਕਵਾਨ, ਰਵਾਇਤਾਂ, ਵਸਤਾਂ, ਦਸਤਕਾਰੀ ਤੇ ਤਿਉਹਾਰਾਂ ’ਤੇ ਆਧਾਰਿਤ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਆਪਣੀਆਂ ਝਾਕੀਆਂ ਨਹੀਂ ਭੇਜੇਗਾ ਕਿਉਂਕਿ ਦੇਸ਼ ਦੇ ਸ਼ਹੀਦਾਂ ਨੂੰ ਭਾਜਪਾ ਤੋਂ ਐੱਨਓਸੀ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ, ‘‘ਇਹ ਸ਼ਹੀਦ ਸਾਡੇ ਨਾਇਕ ਹਨ ਅਤੇ ਇਨ੍ਹਾਂ ਯੋਧਿਆਂ ਵੱਲੋਂ ਮੁਲਕ ਲਈ ਕੀਤੀਆਂ ਗਈਆਂ ਲਾਮਿਸਾਲ ਕੁਰਬਾਨੀਆਂ ਵਾਸਤੇ ਦੇਸ਼ ਉਨ੍ਹਾਂ ਦਾ ਹਮੇਸ਼ਾ ਰਿਣੀ ਰਹੇਗਾ।’’

Google search engine
Previous articleThis New Year – let’s choose to be HAPPY
Next articleNew Winner in Punjab Vijoy Kumar Singh IAS SPECIAL CHIEF SECRETARY TO CM
Punjab Nama Bureau ਪੰਜਾਬ ਨਾਮਾ ਤੁਹਾਡੇ ਆਲੇ ਦੁਆਲੇ ਦੀਆਂ ਖ਼ਬਰਾਂ ਅਤੇ ਵਿਚਾਰਾਂ ਨੂੰ ਜਨਾਣ ਦੀ ਤਾਂਘ ਲਈ ਇਕ ਭਰੋਸੇਯੋਗ ਗਾਈਡ ਦਾ ਕੰਮ ਕਰੇਗਾ। ਡੂੰਘੇ ਅਤੇ ਖੋਜੀ ਵਿਚਾਰਸ਼ੀਲ ਵਿਸ਼ਲੇਸ਼ਣ ਅਤੇ ਨਿਡਰ ਵਿਚਾਰਾਂ ਦੇ ਨਾਲ ਸਾਡੀ ਸੰਪਾਦਕਾਂ ਦੀ ਟੀਮ ਪੰਜਾਬ, ਭਾਰਤ ਅਤੇ ਵਿਸ਼ਵ ਵਿੱਚ ਵਾਪਰਦੀਆਂ ਘਟਨਾਵਾਂ ਨੂੰ ਸਹੀ ਤੱਥਾਂ ਨਾਲ ਵਿਚਾਰਕੇ ਇਕ ਸਾਫ ਅਤੇ ਬਦਲਦੀ ਗਤੀਸ਼ੀਲਤਾ ਨੂੰ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗੀ।