ਇਸ ਵਹਿਸ਼ੀਆਨਾ ਘਟਨਾ ਨੇ ਦੁਨੀਆ ਭਰ ਦੇ ਪੰਜਾਬੀਆਂ ਨੂੰ ਝੰਜੋੜ ਦਿੱਤਾ
ਚੰਡੀਗੜ੍ਹ, 6 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਲੀਫੋਰਨੀਆ ਵਿੱਚ ਪੰਜਾਬੀ ਪਰਿਵਾਰ ਦੇ ਹੋਏ ਕਤਲ ਦੀ ਜਾਂਚ ਲਈ ਸੰਯੁਕਤ ਰਾਜ ਅਮਰੀਕਾ ਦੀ ਫੈਡਰਲ ਸਰਕਾਰ ਨੂੰ ਪ੍ਰਭਾਵਿਤ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਹੈ।CM seeks intervention of MEA for probe into gruesome murder of Punjabi family in US.
ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸੂਬੇ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਰਸੀ ਪਿੰਡ ਨਾਲ ਸਬੰਧਤ ਪੰਜਾਬੀ ਪਰਿਵਾਰ ਦਾ ਕੈਲੀਫੋਰਨੀਆ ਵਿੱਚ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਿਲੀਆਂ ਰਿਪੋਰਟਾਂ ਅਨੁਸਾਰ ਪਰਿਵਾਰ ਨੂੰ ਪਹਿਲਾਂ ਅਗਵਾ ਕੀਤਾ ਗਿਆ ਅਤੇ ਬਾਅਦ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਭਗਵੰਤ ਮਾਨ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਜਸਦੀਪ ਸਿੰਘ, ਜਸਲੀਨ ਕੌਰ, ਅਮਨਦੀਪ ਸਿੰਘ ਅਤੇ ਅੱਠ ਮਹੀਨੇ ਦੀ ਬੱਚੀ ਰੂਹੀ ਵਜੋਂ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ, ਜਿਸ ਨੇ ਹਰ ਕਿਸੇ ਖ਼ਾਸ ਕਰਕੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਵਹਿਸ਼ੀਆਨਾ ਕਤਲ ਨੇ ਅਮਰੀਕਾ ਵਰਗੇ ਉੱਨਤ ਦੇਸ਼ਾਂ ਵਿਚ ਵੀ ਪੰਜਾਬੀਆਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈ ਸ਼ੰਕਰ ਦੇ ਦਖ਼ਲ ਦੀ ਮੰਗ ਕਰਦੇ ਹੋਏ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਸੰਯੁਕਤ ਰਾਜ ਦੀ ਫੈਡਰਲ ਸਰਕਾਰ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਲਈ ਦਬਾਅ ਪਾਉਣ।
ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਅਮਰੀਕਾ ਵਿੱਚ ਰਹਿੰਦੇ ਪੰਜਾਬੀਆਂ ਦੀ ਸੁਰੱਖਿਆ ਦਾ ਮੁੱਦਾ ਅਮਰੀਕਾ ਵਿੱਚ ਆਪਣੇ ਹਮਰੁਤਬਾ ਕੋਲ ਉਠਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਥੇ ਰਹਿੰਦੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।