ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਟਿੱਬੀ ਰਵਿਦਾਸਪੁਰਾ ਵਿਖੇ ਜਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਗਰੀਬ ਮਜਦੂਰਾਂ ਦੇ ਘਰ ਦੁੱਖ ਸਾਂਝਾ ਕਰਨ ਲਈ ਪਹੁੰਚੇ | ਉਨ੍ਹਾਂ ਪੀੜਿਤ ਪਰਿਵਾਰਾਂ ਨੂੰ ਹੌਂਸਲਾ ਦਿੰਦਿਆਂ ਆਪਣੇ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ l

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਮ.ਪੀ. ਸ. ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਨਾਉਣਾ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਇਹ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਅਸਫਲ ਰਹੀ ਹੈ l

ਇਹ ਵੀ ਪੜ੍ਹੋ :- ਭਾਜਪਾ ਪੰਜਾਬ ‘ਚ ਇਕੱਲੇ ਲੜੇਗੀ ਚੋਣ-ਜਾਖੜ

ਉਨ੍ਹਾਂ ਕਿਹਾ ਕਿ ਨਿਗਰਾਨੀ ਰੱਖਣ ਲਈ ਪੰਜਾਬ ਸਰਕਾਰ ਕੋਲ ਅਨੇਕਾਂ ਮਹਿਕਮੇ ਹਨ, ਇਸਦੇ ਬਾਵਜੂਦ ਪੰਜਾਬ ਦੇ ਪਿੰਡਾਂ ਵਿੱਚ ਜਹਿਰੀਲੀ ਸ਼ਰਾਬ ਵਿਕਣਾ ਸਮਝ ਤੋਂ ਪਰੇ ਹੈ | ਉਨ੍ਹਾਂ ਕਿਹਾ ਕਿ ਇਹੋ ਜਿਹੇ ਹਾਲਾਤ ਪਿਛੜੇ ਸੂਬਿਆਂ ਵਿੱਚ ਦੇਖਣ ਨੂੰ ਮਿਲਦੇ ਸਨ ਪਰ ਪੰਜਾਬ ਵਿੱਚ ਇਹੋ ਜਿਹੀ ਮੰਦਭਾਗੀਆਂ ਘਟਨਾਵਾਂ ਵਾਪਰਣਾ ਬੇਹੱਦ ਸ਼ਰਮ ਵਾਲੀ ਗੱਲ ਹੈ l

ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਅਸਲ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਪੰਜਾਬ ਵਿੱਚ ਜਹਿਰੀਲੀ ਸ਼ਰਾਬ ਦੇ ਚੱਲ ਰਹੇ ਰੈਕੇਟ ਨੂੰ ਪੂਰੀ ਤਰ੍ਹਾਂ ਬੰਦ ਕਰਵਾਉਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਮੁੜ ਇਹੋ ਜਿਹੀ ਮੰਦਭਾਗੀ ਘਟਨਾ ਨਾ ਵਾਪਰੇ l

ਸ. ਮਾਨ ਨੇ ਕਿਹਾ ਕਿ ਇਨ੍ਹਾਂ ਗਰੀਬਾਂ ਦੇ ਘਰ ਉੱਜੜਣ ਲਈ ਸਰਕਾਰ ਦੀ ਲਾਪਰਵਾਹੀ ਜਿੰਮੇਵਾਰ ਹੈ, ਜਿਸਦੇ ਮੁਆਵਜੇ ਦੇ ਰੂਪ ਵਿੱਚ ਸਰਕਾਰ ਨੂੰ ਇਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵੱਲ ਧਿਆਨ ਦੇਣਾ ਚਾਹੀਦੀ ਹੈ | ਉਨ੍ਹਾਂ ਪੀੜਿਤ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਅਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ, ਤਾਂ ਜੋ ਪੀੜਿਤਾਂ ਦੇ ਜਖ਼ਮਾਂ ਉੱਪਰ ਕੁਝ ਮੱਲਮ ਲੱਗ ਸਕੇ l

ਇਸ ਮੌਕੇ ਜਥੇਦਾਰ ਹਰਜੀਤ ਸਿੰਘ ਸੰਜੂਮਾਂ, ਜਥੇਦਾਰ ਸ਼ਾਹਬਾਜ ਸਿੰਘ ਡਸਕਾ, ਸਤਨਾਮ ਸਿੰਘ ਰੱਤੋਕੇ, ਮਨਜੀਤ ਸਿੰਘ ਕੁੱਕੂ, ਮਲਕੀਤ ਸਿੰਘ ਬੇਲਾ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜਰ ਸਨ l