ਪਟਿਆਲਾ, 3 ਨਵੰਬਰ:
ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਅੱਜ ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ (ਕਾਲਜ) ਡਾ. ਅਸ਼ਵਨੀ ਕੁਮਾਰ ਭੱਲਾ ਨੇ ਦੌਰਾ ਕਰਕੇ ਕਾਲਜ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸੁਝਾਅ ਵੀ ਪ੍ਰਾਪਤ ਕੀਤੇ। Deputy Director of Education Department visited Bikram College of Commerce.
ਉਨ੍ਹਾਂ ਲਾਇਬਰੇਰੀ ਜਾਗਰੂਕਤਾ ਹਫ਼ਤੇ ਅਧੀਨ ਕਾਲਜ ਦੀ ਲਾਇਬਰੇਰੀ ਵਿਖੇ ਲਗਾਈ ਪੁਸਤਕ ਪ੍ਰਦਰਸ਼ਨੀ ਦਾ ਜਾਇਜ਼ਾ ਲੈਂਦਿਆਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕਿਤਾਬ ਮਨੁੱਖ ਦੀਆਂ ਮਿੱਤਰ ਹੁੰਦੀਆਂ ਹਨ ਜੋ ਉਸ ਦਾ ਚੰਗੇ ਅਤੇ ਮਾੜੇ ਵਕਤ ਵਿੱਚ ਉਤਸ਼ਾਹ ਵਧਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੁਸਤਕਾਂ ਮਨੁੱਖ ਜਿਥੇ ਸਭਿਅਕ ਇਨਸਾਨ ਬਣਾਉਂਦੀਆਂ ਹਨ ਉਥੇ ਹੀ ਆਪਣੇ ਅੰਦਰ ਸਦੀਆਂ ਦੇ ਇਤਿਹਾਸ ਨੂੰ ਸੰਜੋਕੇ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਪੁਸਤਕਾਂ ਨਾਲ ਜੁੜੇ ਰਹਿੰਦੇ ਹਨ ਉਹ ਆਪਣੀ ਜ਼ਿੰਦਗੀ ਵਿੱਚ ਜ਼ਰੂਰ ਸਫਲ ਹੁੰਦੇ ਹਨ।
ਆਪਣੇ ਦੌਰੇ ਦੌਰਾਨ ਡਿਪਟੀ ਡਾਇਰੈਕਟਰ ਨੇ ਆਈ.ਕਿਊ.ਏ.ਸੀ. ਸੈਲ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਨੈਕ ਸਬੰਧੀ ਸਟਾਫ਼ ਨਾਲ ਵਿਚਾਰਾਂ ਕੀਤੀਆਂ। ਉਨ੍ਹਾਂ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਿੱਦਿਅਕ ਖੇਤਰ ਵਿੱਚ ਮਾਰੀਆਂ ਮੱਲਾਂ ਦੀ ਵਧਾਈ ਦਿੰਦਿਆਂ ਕਿਹਾ ਕਿ ਚੰਗੀ ਸਿੱਖਿਆ ਹੀ ਮਨੁੱਖ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਵਿੱਚ ਸਹਾਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਕਾਲਜਾਂ ਦੀ ਬਿਹਤਰੀ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।