ਨੌਜਵਾਨਾਂ ਨੂੰ ਭੜਕਾ ਕੇ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਤੋਂ ਲੋਕਾਂ ਨੂੰ ਸੁਚੇਤ ਰਹਿਣ ਦਾ ਸੱਦਾ
ਚੰਡੀਗੜ੍ਹ, 28 ਫਰਵਰੀ:
ਸੂਬੇ ਦੇ ਨੌਜਵਾਨਾਂ ਨੂੰ ਸੇਧਹੀਣ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 26,797 ਤੋਂ ਵੱਧ ਨਿਯੁਕਤੀ ਪੱਤਰ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ ਹੈ ਤਾਂ ਕਿ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇ।GOVERNMENT JOBS TO 26797 YOUTH: SAYS CM
ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚੜ੍ਹੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦੇ ਅਨਿੱਖੜ ਅੰਗ ਬਣ ਗਏ ਹਨ ਅਤੇ ਹੁਣ ਤੋਂ ਉਨ੍ਹਾਂ ਨੂੰ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ 11 ਮਹੀਨਿਆਂ ਦੌਰਾਨ ਇੰਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਦੇਣ ਤੋਂ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪਤਾ ਚੱਲਦਾ ਹੈ ਕਿ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਖੋਲ੍ਹਣ ਲਈ ਸਰਕਾਰ ਕਿੰਨੀ ਸੰਜੀਦਾ ਹੈ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੈਰਾਸ਼ੂਟਰ ਦੀ ਥਾਂ ਜ਼ਮੀਨ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜਿਆ ਵਿਅਕਤੀ ਜ਼ਮੀਨ ਤੋਂ ਉੱਠ ਕੇ ਅਰਸ਼ ਫਤਹਿ ਕਰ ਸਕਦਾ ਹੈ ਅਤੇ ਇਨ੍ਹਾਂ ਮਿਹਨਤੀ ਲੋਕਾਂ ਦੀ ਹੱਦ ਆਸਮਾਨ ਹੀ ਹੁੰਦਾ ਹੈ। ਇਸ ਦੇ ਉਲਟ ਪੈਰਾਸ਼ੂਟਰ ਆਸਮਾਨ ਤੋਂ ਆਉਂਦੇ ਹਨ ਅਤੇ ਉਨ੍ਹਾਂ ਕਦੇ ਨਾ ਕਦੇ ਜ਼ਮੀਨ ਉਤੇ ਡਿੱਗਣਾ ਹੁੰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕੋ-ਇਕ ਮੰਤਵ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੇ ਟੀਚੇ ਦੀ ਪੂਰਤੀ ਲਈ ਇਹ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਭਵਿੱਖਮੁਖੀ ਯੋਜਨਾ ਬਣਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਠੇਕੇ ਉਤੇ ਕੰਮ ਕਰਦੇ 14 ਹਜ਼ਾਰ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ ਅਤੇ ਕੈਬਨਿਟ ਨੇ ਇੰਨੀ ਗਿਣਤੀ ਵਿੱਚ ਹੀ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਮੌਕਾ ਹੈ ਕਿ ਪੰਜਾਬ ਪੁਲਿਸ ਨੇ 2100 ਆਸਾਮੀਆਂ ਦੀ ਭਰਤੀ ਕੱਢੀ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਆਉਣ ਵਾਲੇ ਚਾਰ ਸਾਲਾਂ ਦੌਰਾਨ ਸਿਪਾਹੀ ਦੀਆਂ 1800 ਅਤੇ ਸਬ-ਇੰਸਪੈਕਟਰਾਂ 300 ਆਸਾਮੀਆਂ ਹਰ ਸਾਲ ਭਰੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਸਨਅਤੀ ਵਿਕਾਸ ਨੂੰ ਤੇਜ਼ ਕਰਨ ਵੱਲ ਵੱਧ ਧਿਆਨ ਦੇ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਉਤੇ ਵਿਚਾਰ ਕਰ ਰਹੀ ਹੈ, ਜਿਸ ਤਹਿਤ ਪੰਜਾਬ ਵਾਸੀਆਂ ਨੂੰ 40 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਦਰ ਉਤੇ ਜਾ ਕੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸਕੀਮ ਐਪ ਜ਼ਰੀਏ ਆਨਲਾਈਨ ਮੁਹੱਈਆ ਹੋਵੇਗੀ ਅਤੇ ਨਾਗਰਿਕਾਂ ਨੂੰ ਸਿਰਫ ਇਕ ਫੋਨ ਕਾਲ ਨਾਲ ਇਸ ਸਕੀਮ ਦਾ ਲਾਭ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨਾਗਰਿਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸੇਵਾਵਾਂ ਹਾਸਲ ਹੋਣਗੀਆਂ।
ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਖਾਸ ਕਰਕੇ ਮੀਡੀਆ ਨੂੰ ਸੱਦਾ ਦਿੱਤਾ ਕਿ ਨੌਜਵਾਨਾਂ ਨੂੰ ਭੜਕਾ ਕੇ ਸੂਬੇ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਲੋਕਾਂ ਨੂੰ ਮੂੰਹ ਨਾ ਲਾਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਕਮਾਤਰ ਉਦੇਸ਼ ਅਮਨ-ਸ਼ਾਂਤੀ, ਵਿਕਾਸ ਤੇ ਖੁਸ਼ਹਾਲੀ ਲਿਆਉਣਾ ਹੈ ਅਤੇ ਇਸ ਮਨੋਰਥ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਪੂਰਾ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਤੀ ਦੇ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵੱਲ ਵਧੇਰੇ ਧਿਆਨ ਦੇ ਰਹੀ ਹੈ ਤਾਂ ਕਿ ਕਿਸਾਨਾਂ ਦੀ ਆਮਦਨ ਵਧਾਈ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ ਉਤੇ ਜ਼ੋਰ ਦੇ ਰਹੀ ਹੈ ਅਤੇ ਗੰਨਾ, ਲੀਚੀ, ਲਸਣ ਅਤੇ ਕਿੰਨੂ ਸਮੇਤ ਹੋਰ ਫਲਾਂ ਲਈ ਛੇਤੀ ਹੀ ਪ੍ਰੋਸੈਸਿੰਗ ਪਲਾਂਟ ਸਥਾਪਤ ਕਰੇਗੀ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਮਿਲਕਫੈਡ ਰਾਹੀਂ ਦੁੱਧ ਦਾ ਉਤਪਾਦਨ ਵਧਾਉਣ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਕਿ ਇਸ ਦਾ ਵਿਸਤਾਰ ਹੋਰ ਸੂਬਿਆਂ ਵਿਚ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਉਤਪਾਦ ਆਲਮੀ ਪੱਧਰ ਉਤੇ ਖਾਸ ਕਰਕੇ ਪੰਜਾਬੀ ਭਾਈਚਾਰੇ ਵਿਚ ਬਹੁਤ ਪ੍ਰਸਿੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਉਤਪਾਦਾਂ ਨੇ ਪੇਂਡੂ ਅਤੇ ਖੇਤਰੀ ਮਾਰਕੀਟ ਤੋਂ ਬਾਅਦ ਘਰੇਲੂ ਅਤੇ ਕੌਮਾਂਤਰੀ ਮਾਰਕੀਟ ਵਿਚ ਵੱਡਾ ਨਾਮਣਾ ਖੱਟਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਨ੍ਹਾਂ ਵਸਤਾਂ ਦੀ ਪ੍ਰੋਸੈਸਿੰਗ ਰਾਹੀਂ ਹੋਰ ਮੁਨਾਫਾ ਦੇਣ ਦੇ ਯਤਨ ਕੀਤੇ ਜਾ ਰਹੇ ਹਨ।
ਸੂਬਾ ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1 ਜੁਲਾਈ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਦੀ ਗਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਦੇ 87 ਫੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਜੀਰੋ ਆ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਦ ਸਾਧਾਰਨ ਪਰਿਵਾਰ ਤੋਂ ਹਨ ਅਤੇ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਨ੍ਹਾਂ ਨੂੰ ਕਿਹੜੀਆਂ ਮੁਸਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਭਰ ਵਿਚ 500 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਹਨ। ਉਨ੍ਹਾਂ ਕਿਹਾ ਕਿ ਬਿਹਤਰ ਸਿੱਖਿਆ ਮੁਹੱਈਆ ਕਰਵਾਉਣ ਲਈ ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਗਤੀਸ਼ੀਲ ਪੰਜਾਬ ਦੀ ਨਵੀਂ ਸਵੇਰ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਹਰੇਕ ਖੇਤਰ ਵਿਚ ਮੁਲਕ ਵਿਚ ਮੋਹਰੀ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਆਉਂਦੀਆਂ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਕੋਈ ਕਮੀ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਬਿਜਲੀ ਦੇ ਲੰਮੇ ਕੱਟ ਲੱਗਣ ਦੇ ਦਿਨ ਪੁੱਗ ਚੁੱਕੇ ਹਨ ਕਿਉਂਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਨ ਵੱਲ ਵਧ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿਚ ਬਿਜਲੀ ਉਤਪਾਦਨ ਵਿਚ 83 ਫੀਸਦੀ ਦਾ ਵਾਧਾ ਹੋਇਆ ਹੈ।
ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਇਸ ਤੋਂ ਪਹਿਲਾਂ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਪਤਵੰਤਿਆਂ ਦਾ ਸਵਾਗਤ ਕੀਤਾ।