ਚੰਡੀਗੜ੍ਹ, 25 ਮਾਰਚ:
ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਇਥੇ ਮੁਲਾਕਾਤ ਕੀਤੀ।NAMBERDAR UNION DELEGATION CALLS ON PUNJAB VIDHAN SABHA SPEAKER

ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਨੰਬਰਦਾਰ ਭਾਈਚਾਰਾ ਲੋਕਤੰਤਰੀ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ, ਜਿਨ੍ਹਾਂ ਦੀ ਹਰ ਪਿੰਡ/ਸ਼ਹਿਰ ਅਤੇ ਸਰਕਾਰੀ ਦਫ਼ਤਰਾਂ ਵਿੱਚ ਇੱਕ ਮੋਹਤਬਰ ਵਿਅਕਤੀ ਵਜੋਂ ਪਛਾਣ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਬਲਜਿੰਦਰ ਸਿੰਘ ਕਿਲੀ ਦੀ ਅਗਵਾਈ ਵਿੱਚ ਵਫ਼ਦ ਨੇ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਆਪਣਾ ਮੰਗ ਪੱਤਰ ਸੌਂਪਦਿਆਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਉਨ੍ਹਾਂ ਨੂੰ ਲਾਰਿਆਂ ਵਿੱਚ ਰੱਖਿਆ ਹੈ ਅਤੇ ਉਨ੍ਹਾਂ ਲਈ ਕੀਤਾ ਕੁਝ ਨਹੀਂ। ਨੰਬਰਦਾਰਾਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰਣ ਆਸ ਹੈ ਕਿ ਇਹ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀਜਾਮਾ ਪਹਿਨਾਏਗੀ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਬੰਧਤ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਮੰਗਾਂ ਸਬੰਧੀ ਹਮਦਰਦੀ ਨਾਲ ਵਿਚਾਰ ਕਰਦਿਆਂ ਇਨ੍ਹਾਂ ਦਾ ਛੇਤੀ ਢੁਕਵਾਂ ਹੱਲ ਕੱਢਿਆ ਜਾ ਸਕੇ।

ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਸ੍ਰੀ ਸਿਮਰਜੀਤ ਬਰਾੜ, ਸੂਬਾ ਜਨਰਲ ਸਕੱਤਰ ਸ੍ਰੀ ਧਰਮਿੰਦਰ ਸਿੰਘ ਖੱਟਰਾਂ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸ੍ਰੀ ਅਸ਼ੋਕ ਸੰਧੂ ਤੇ ਜਨਰਲ ਸਕੱਤਰ ਸ੍ਰੀ ਸੁਰਿੰਦਰ ਪਾਲ ਸਿੰਘ ਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।