ਵਧੀਕ ਜ਼ਿਲਾ ਮੈਜਿਸਟਰੇਟ ਵੱਲੋਂ ਧਾਰਾ 144 ਤਹਿਤ ਜਾਰੀ ਕੀਤੇ ਗਏ ਹੁਕਮ

ਸੰਗਰੂਰ, 21 ਜੂਨ:

– ਵਧੀਕ ਜ਼ਿਲਾ ਮੈਜਿਸਟਰੇਟ ਸੰਗਰੂਰ ਸ. ਅਨਮੋਲ ਸਿੰਘ ਧਾਲੀਵਾਲ ਨੇ ਮਾਡਲ ਕੋਡ ਆਫ਼ ਕੰਡਕਟ ਦੇ ਮੈਨੂਅਲ ਦੇ ਚੈਪਟਰ ਨੰਬਰ 8 ਦੇ ਸੈਕਸ਼ਨ (8.2.1) ਵਿੱਚ ਕੀਤੀ ਗਈ ਕਾਨੂੰਨ ਵਿਵਸਥਾ ਨੂੰ ਧਿਆਨ ’ਚ ਰੱਖਦੇ ਹੋਏ ਸੀ.ਆਰ.ਪੀ.ਸੀ. ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ 23 ਜੂਨ ਨੂੰ ਹੋਣ ਜਾ ਰਹੀ ਲੋਕ ਸਭਾ ਹਲਕਾ ਸੰਗਰੂਰ-12 ਦੀ ਉਪ ਚੋਣ ਦੇ ਮੱਦੇਨਜ਼ਰ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਹਲਕੇ ਦੇ ਅੰਦਰ ਕੋਈ ਵੀ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ ਅਤੇ ਹਲਕੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਦੀ ਮੌਜੂਦਗੀ ਉਸ ਹਲਕੇ ਵਿੱਚ ਨਹੀਂ ਹੋਣੀ ਚਾਹੀਦੀ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਚੋਣ ਪ੍ਰਚਾਰ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਬਾਹਰੋਂ ਆਏ ਵਿਅਕਤੀਆਂ ਦੀ ਹਲਕੇ ਵਿੱਚ ਮੌਜੂਦਗੀ ਆਜ਼ਾਦ ਤੇ ਨਿਰਪੱਖ ਚੋਣਾਂ ਲਈ ਮਾਹੌਲ ਨੂੰ ਖਰਾਬ ਕਰ ਸਕਦੀ ਹੈ।

ਵਧੀਕ ਜ਼ਿਲਾ ਮੈਜਿਸਟਰੇਟ ਵੱਲੋਂ ਹਲਕੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਿਤੀ 21 ਜੂਨ 2022 ਨੂੰ ਸ਼ਾਮ 6 ਵਜੇ ਤੋਂ ਪਹਿਲਾਂ-ਪਹਿਲਾਂ ਵਾਪਸ ਚਲੇ ਜਾਣ।
ਵਧੀਕ ਜ਼ਿਲਾ ਮੈਜਿਸਟਰੇਟ ਨੇ ਹੁਕਮਾਂ ’ਚ ਕਿਹਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਨਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਸੀ.ਆਰ.ਪੀ.ਸੀ 1973 ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 27 ਜੂਨ 2022 ਤੱਕ ਲਾਗੂ ਰਹਿਣਗੇ।