ਅੰਮ੍ਰਿਤਸਰ,12 ਸਤੰਬਰ
–  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਅੱਜ ਪੰਜਾਬ ਅੰਦਰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿਖੇ ਧਰਨੇ ਲਗਾ ਕੇ ਕੌਮੀ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਲਗਾਏ ਇਨ੍ਹਾਂ ਰੋਸ ਧਰਨਿਆਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਮੁਲਾਜ਼ਮਾਂ ਨੇ ਕਾਲੇ ਚੋਲੇ ਅਤੇ ਜ਼ੰਜੀਰਾਂ ਪਾ ਕੇ ਸ਼ਮੂਲੀਅਤ ਕੀਤੀ। Protest protest in DC offices in Punjab by Shiromani Committee for the release of Bandi Singhs.
ਇਸ ਤੋਂ ਇਲਾਵਾ ਪੰਥਕ ਦਰਦੀ ਵੀ ਰਸੋ ਧਰਨਿਆਂ ਦਾ ਹਿੱਸਾ ਬਣੇ। ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ’ਚ ਲਗਾਏ ਗਏ ਧਰਨੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਮੁਲਾਜ਼ਮਾਂ ਸਮੇਤ ਪੰਥ ਦਰਦੀ ਸ਼ਾਮਲ ਹੋਏ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਇਕੱਠ ਹੋਇਆ, ਜਿਥੋਂ ਜੈਕਾਰਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਹਰਿਆਂ ਦੀ ਗੂੰਜ ’ਚ ਰੋਸ ਮਾਰਚ ਡੀ.ਸੀ. ਦਫ਼ਤਰ ਪਹੁੰਚਿਆ। ਇਸ ਮਾਰਚ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਖੁੱਲ੍ਹੀ ਗੱਡੀ ਵਿਚ ਸਵਾਰ ਸਨ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਦੋ ਪਹੀਆ ਵਾਹਨਾਂ ’ਤੇ ਚੱਲ ਰਹੇ ਸਨ। 
ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੋਸ ਧਰਨੇ ਵਿਚ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਅਪਣਾਈ ਜਾ ਰਹੀ ਪੱਖਪਾਤ ਵਾਲੀ ਨੀਤੀ ਦੀ ਕਰੜੀ ਆਲੋਚਨਾ ਕੀਤੀ ਅਤੇ ਪੰਥਕ ਅਵਾਜ਼ ਨਾ ਸੁਣਨ ’ਤੇ ਕਰੜਾ ਸੰਘਰਸ਼ ਆਰੰਭਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦੇਸ਼ ਦਾ ਕਾਨੂੰਨ ਸਭ ਲਈ ਇਕਸਾਰ ਹੈ ਅਤੇ ਸੰਵਿਧਾਨ ਅੰਦਰ ਵੀ ਹਰਇੱਕ ਨੂੰ ਬਰਾਬਰ ਹੱਕ ਹਕੂਕ ਪ੍ਰਾਪਤ ਹਨ, ਪਰ ਦੁੱਖ ਦੀ ਗੱਲ ਹੈ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਸਰਕਾਰਾਂ ਨਿਆਂ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਜ਼ੁਲਮ ਦੀ ਨਿਰਧਾਰਤ ਸਜ਼ਾ ਹੁੰਦੀ ਹੈ, ਜੋ ਬੰਦੀ ਸਿੰਘ ਪੂਰੀ ਕਰ ਚੁੱਕੇ ਹਨ। ਪਰੰਤੂ ਸਰਕਾਰਾਂ ਸਮੇਂ ਦੇ ਹਾਲਾਤਾਂ ਦੀ ਭੇਟ ਚੜ੍ਹੇ ਸਿੱਖ ਬੰਦੀਆਂ ਨੂੰ ਜਾਣਬੁਝ ਕੇ ਉਨ੍ਹਾਂ ਦੇ ਹੱਕਾਂ ਤੋਂ ਵਾਂਝਿਆਂ ਰੱਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਿੱਖ ਪੰਥ ਦਾ ਅਹਿਮ ਮੁੱਦਾ ਹੈ ਅਤੇ ਇਸ ਹੱਕੀ ਮੰਗ ਲਈ ਹਰ ਪੱਧਰ ’ਤੇ ਸੰਘਰਸ਼ ਲੜਿਆ ਜਾਵੇਗਾ। ਇਸ ਲਈ ਕੁਰਬਾਨੀ ਦੀ ਲੋੜ ਪਈ ਤਾਂ ਵੀ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਕਿਹਾ ਕਿ ਤਿੱਖੀ ਰੋਸ ਲਹਿਰ ਜਾਰੀ ਰੱਖਣ ਦੇ ਨਾਲ-ਨਾਲ ਕਾਨੂੰਨੀ ਪੱਖ ਵਿਚਾਰਨ ਲਈ 17 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੇਵਾਮੁਕਤ ਸਿੱਖ ਜੱਜਾਂ ਅਤੇ ਸੀਨੀਅਰ ਵਕੀਲਾਂ ਦੀ ਇਕ ਇਕੱਤਰਤਾ ਬੁਲਾਈ ਗਈ ਹੈ। ਇਹ ਇਕੱਤਰਤਾ ਅਤਿ ਅਹਿਮ ਹੈ ਅਤੇ ਮਨੁੱਖੀ ਹੱਕਾਂ ਦੀ ਅਵਾਜ਼ ਉਠਾਉਣ ਵਾਲੇ ਵਕੀਲ ਇਸ ਵਿਚ ਸ਼ਾਮਲ ਹੋ ਕੇ ਕੀਮਤੀ ਸੁਝਾਅ ਦੇ ਸਕਦੇ ਹਨ। 
ਉਨ੍ਹਾਂ ਭਵਿੱਖੀ ਸੰਘਰਸ਼ ਦੀ ਰੂਪ ਰੇਖਾ ਬਾਰੇ ਗੱਲ ਕਰਦਿਆਂ ਕਿਹਾ ਕਿ ਸਿੱਖ ਕੌਮ ਹੁਣ ਚੁੱਪ ਨਹੀਂ ਬੈਠੇਗੀ ਅਤੇ ਜਲਦ ਹੀ ਅਗਲੇ ਪੜਾਅ ਤਹਿਤ ਦਸਤਖ਼ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜ ਕਰ ਰਹੇ ਪੰਥ ਦਰਦੀਆਂ ਨੂੰ ਇਕੱਠੇ ਹੋ ਕੇ ਸਿੱਖਾਂ ਦੀ ਸੁਪਰੀਮ ਸੰਸਥਾ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਚੱਲਣ ਦੀ ਅਪੀਲ ਵੀ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੌਕੇ ਦੇਸ਼ ਭਰ ਵਿਚ ਘੱਟਗਿਣਤੀ ਸਿੱਖਾਂ ਨਾਲ ਹੋ ਰਹੇ ਅਨਿਆਂ ਨੂੰ ਵੀ ਨਸ਼ਰ ਕੀਤਾ ਅਤੇ ਕੇਂਦਰ ਸਰਕਾਰ ਨੂੰ ਸਿੱਖਾਂ ਨਾਲ ਹੋ ਰਹੀ ਵਿਤਕਰੇਬਾਜ਼ੀ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣ ਲਈ ਕਿਹਾ। 
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਜੋਧ ਸਿੰਘ ਸਮਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਕੁਲਦੀਪ ਸਿੰਘ ਤੇੜਾ, ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਸੁਖਦੇਵ ਸਿੰਘ, ਸਿੱਖ ਆਗੂ ਸ. ਜਸਬੀਰ ਸਿੰਘ ਘੁੰਮਣ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਿੰਦਰ ਸਿੰਘ, ਸ. ਤੇਜਿੰਦਰ ਸਿੰਘ, ਸ. ਨਿਰਵੈਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਕੁਲਦੀਪ ਸਿੰਘ ਰੋਡੇ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਕੁਲਵੰਤ ਸਿੰਘ ਰੰਧਾਵਾ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।