ਪੰਜਾਬ ਵਿਚ ਚੁਣੀ ਹੋਈ ਸਰਕਾਰ ਨੂੰ ਅਸਥਿਰ ਕਰਨ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇਗਾ ਇਜਲਾਸ-ਮੁੱਖ ਮੰਤਰੀ

ਚੰਡੀਗੜ੍ਹ, 19 ਸਤੰਬਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਹਾਸਲ ਕਰਨ ਲਈ 22 ਸਤੰਬਰ (ਵੀਰਵਾਰ) ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ। PUNJAB GOVERNMENT TO CONVENE SPECIAL SESSION OF PUNJAB VIDHAN SABHA ON SEPTEMBER 22.

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਸਾਡੀ ਸਰਕਾਰ ਨੂੰ ਜ਼ਬਰਦਸਤ ਬਹੁਮਤ ਦਿੱਤਾ ਸੀ ਪਰ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਵਾਲੀਆਂ ਕੁਝ ਤਾਕਤਾਂ ਸਾਡੇ ਵਿਧਾਇਕ ਨੂੰ ਧਨ-ਦੌਲਤ ਦੇ ਸਹਾਰੇ ਲੁਭਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਕਰਕੇ ਅਸੀਂ ਇਸ ਵਿਸ਼ੇਸ਼ ਇਜਲਾਸ ਵਿਚ ਸੂਬੇ ਦੇ ਲੋਕਾਂ ਦਾ ਭਰੋਸਾ ਹਾਸਲ ਕਰਨ ਦਾ ਫੈਸਲਾ ਲਿਆ ਹੈ।”

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਆਪ ਦੇ ਵਿਧਾਇਕਾਂ ਨੂੰ ਧਨ-ਦੌਲਤ ਦੀ ਤੱਕੜੀ ਵਿਚ ਤੋਲਿਆ ਨਹੀਂ ਜਾ ਸਕਦਾ ਕਿਉਂਕਿ ਉਹ ਪਾਰਟੀ ਦੀ ਵਿਚਾਰਧਾਰਾ ਪ੍ਰਤੀ ਸਮਰਪਿਤ ਤੇ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਕਾਰ ਨੂੰ ਅਸਥਿਰ ਕਰਨ ਦੇ ਨਾਪਾਕ ਮਨਸੂਬੇ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ ਕਿਉਂ ਜੋ ਸਾਡੀ ਪਾਰਟੀ ਦੇ ਵਿਧਾਇਕ ਸੂਬੇ ਦੇ ਲੋਕਾਂ ਪ੍ਰਤੀ ਵਫਾਦਾਰ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਵਿਸ਼ੇਸ਼ ਇਜਲਾਸ ਵਿਚ ਪੰਜਾਬ ’ਚ ਜਮਹੂਰੀ ਢੰਗ ਨਾਲ ਚੁਣੀ ਹੋਈ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਵਿਧਾਇਕਾਂ ਨੂੰ ਲੋਭ-ਲਾਲਚ ਨਾਲ ਵਰਗਲਾਉਣ ਦੀਆਂ ਘਟੀਆ ਚਾਲਾਂ ਸਿਰੇ ਨਹੀਂ ਚੜ੍ਹੀਆਂ ਕਿਉਂਕਿ ਵਿਧਾਇਕਾਂ ਨੇ ਹੀ ਉਨ੍ਹਾਂ ਦੀ ਸਰਕਾਰ ਨੂੰ ਪੱਟੜੀ ਤੋਂ ਲਾਹੁਣ ਦੇ ਮਨਸੂਬੇ ਨਾਕਾਮ ਕਰ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਵੀ ਸਾਰੀਆਂ ਪਾਰਟੀਆਂ ਨੇ ਵੋਟਰਾਂ ਨੂੰ ਪੈਸੇ ਦਾ ਲਾਲਚ ਦੇਣ ਦੀ ਕੋਸ਼ਿਸ਼ ਕੀਤੀ ਸੀ ਪਰ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਅਤੇ ਇਸ ਦੇ ਚੁਣੇ ਹੋਏ ਵਿਧਾਇਕਾਂ ਨਾਲ ਚਟਾਨ ਵਾਂਗ ਖੜ੍ਹੇ। ਉਨ੍ਹਾਂ ਕਿਹਾ ਕਿ ਹੁਣ ਇਹ ਵਿਧਾਇਕ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਖੁਸ਼ਹਾਲੀ ਵਿਚ ਯੋਗਦਾਨ ਪਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਧਾਇਕ ਪਾਰਟੀ, ਪੰਜਾਬ ਤੇ ਪੰਜਾਬ ਵਾਸੀਆਂ ਪ੍ਰਤੀ ਸਮਰਪਿਤ ਤੇ ਵਫਾਦਾਰ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਵਿਧਾਇਕ ਪੈਸਿਆਂ ਖਾਤਰ ਕਦੇ ਵੀ ਆਪਣਾ ਜ਼ਮੀਰ ਨਹੀਂ ਵੇਚਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਨੂੰ ਸੂਬੇ ਵਿਚ ਚੁਣੀ ਹੋਈ ਸਰਕਾਰ ਨੂੰ ਡੇਗਣ ਬਾਰੇ ਦਿਨ ਵੇਲੇ ਸੁਪਨੇ ਲੈਣੇ ਬੰਦ ਕਰ ਦੇਣੇ ਚਾਹੀਦੇ ਹਨ ਕਿਉਂਕਿ ਪੰਜਾਬੀ ਇਸ ਗੁਨਾਹ ਲਈ ਅਜਿਹੇ ਲੋਕਾਂ ਨੂੰ ਕਦੇ ਵੀ ਬਖਸ਼ਣਗੇ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਆਪ ਦੇ ਸਾਰੇ ਵਿਧਾਇਕ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਸਮਰਪਣ ਹੋ ਕੇ ਉਪਰਾਲੇ ਕਰਨਗੇ।

ਖਾਸ ਖਬਰਾਂ

ਮੁੱਖ ਮੰਤਰੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਬਾਰੇ ਵਿਚਾਰ ਕਰਨ ਦਾ ਐਲਾਨ

ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਪੰਜਾਬ ਸਰਕਾਰ ਦੀ ਕੀਤੀ ਹਾਏ-ਬੂ