ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਲੀਡਰ ਅਤੇ ਚੰਡੀਗੜ੍ਹ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਤੋਂ ਕੱਢ ਦਿੱਤਾ ਹੈ।

ਟਿਕਟ ਮੋੜਨਾ ਵੱਡਾ ਝਟਕਾ

ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ), ਜੋ ਕਿ ਪੰਜਾਬ ਵਿੱਚ 2017 ਤੋਂ ਚੋਣਾਂ ਵਿੱਚ ਮਾੜੇ ਦੌਰ ਵਿੱਚੋਂ ਲੰਘ ਰਿਹਾ ਹੈ, ਨੂੰ ਸੋਮਵਾਰ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ – ਚੰਡੀਗੜ੍ਹ ਵਿੱਚ ਉਸ ਦੇ ਉਮੀਦਵਾਰ ਹਰਦੀਪ ਸਿੰਘ ਸੈਣੀ ਵੱਲੋਂ ਪਾਰਟੀ ਛੱਡਣ ਅਤੇ ਲੋਕ ਸਭਾ ਚੋਣ ਨਾ ਲੜਨ ਦਾ ਫੈਸਲਾ ਕਰਨ ਤੋਂ ਬਾਅਦ ਝਟਕਾ ਲੱਗਾ।

ਭਾਜਪਾ ਉਮੀਦਵਾਰ ਦਾ ਸਮਰਥਨ

ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵੱਲੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਭਾਜਪਾ ਉਮੀਦਵਾਰ ਸੰਜੇ ਟੰਡਨ ਦੀ ਹਮਾਇਤ ਕਰ ਕੇ ਪਾਰਟੀ ਨੂੰ ਸਾਬੋਤਾਜ਼ ਕਰਨ ਦੀਆਂ ਕੀਤੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ।

ਪਾਰਟੀ ਨੇ ਮਜਬੂਰੀ ਵਿਚ ਲਿਆ ਫੈਸਲਾ

ਸਕੱਤਰ ਜਨਰਲ ਨੇ ਕਿਹਾ ਕਿ ਉਹਨਾਂ ਨੂੰ ਬੀਬੀ ਹਰਜਿੰਦਰ ਕੌਰ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਵੀਡੀਓ ਸਬੂਤ ਮਿਲਿਆ ਸੀ ਅਤੇ ਉਹ ਇਹ ਕਦਮ ਚੁੱਕਣ ਵਾਸਤੇ ਮਜਬੂਰ ਹੋਏ ਹਨ ਤਾਂ ਜੋ ਸਪਸ਼ਟ ਸੰਦੇਸ਼ ਦਿੱਤਾ ਜਾ ਸਕੇ ਕਿ ਅਕਾਲੀ ਦਲ ਸ਼੍ਰੋਮਣੀ ਕਮੇਟੀ ਮੈਂਬਰ ਦੇ ਅਨੈਤਿਕ ਵਿਹਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ।

ਸਿਧਾਂਤਾਂ ਨਾਲ ਕੋਈ ਸਮਝੌਤਾ ਨਹੀਂ

ਸਰਦਾਰ ਭੂੰਦੜ ਨੇ ਕਿਹਾ ਕਿ ਇਹ ਪਹਿਲੀਵਾਰ ਨਹੀਂ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਪਾਰਟੀ ਦੇ ਸਿਧਾਂਤਾਂ ਦੇ ਉਲਟ ਗਏ ਹਨ। ਇਸ ਤੋਂ ਪਹਿਲਾਂ ਵੀ ਸ਼ਿਕਾਇਤਾਂ ਮਿਲੀਆਂ ਸਨ ਕਿ ਬੀਬੀ ਹਰਜਿੰਦਰ ਕੌਰ ਨੇ ਭਾਜਪਾ ਨਾਲ ਸਮਝੌਤਾ ਕਰ ਲਿਆ ਹੈ ਅਤੇ ਉਹਨਾਂ ਨੂੰ ਕੇਸਰੀਆ ਪਾਰਟੀ ਦੀ ਹਮਾਇਤ ਬਦਲੇ ਅਹਿਮ ਅਹੁਦੇ ਮਿਲਣੇ ਹਨ।

ਇਹ ਵੀ ਪੜ੍ਹੋ – ਕੇਜਰੀਵਾਲ ਕਰੇਗਾ ਚੋਣ ਪ੍ਰਚਾਰ

ਉਹਨਾਂ ਕਿਹਾ ਕਿ ਅਸੀਂ ਉਹਨਾਂ ਨੂੰ ਲੰਬਾ ਸਮਾਂ ਦਿੱਤਾ ਤਾਂ ਜੋ ਉਹ ਆਪਣੀਆਂ ਗਲਤੀਆਂ ਮਹਿਸੂਸ ਕਰਨ ਅਤੇ ਦਿਲੋਂ ਪੰਥਕ ਸਫਾਂ ਵਿਚ ਵਾਪਸ ਆ ਜਾਣ ਪਰ ਇਸ ਵਾਰ ਸ਼੍ਰੋਮਣੀ ਕਮੇਟੀ ਮੈਂਬਰ ਸਭ ਹੱਦ ਬੰਨੇ ਅੱਪ ਗਏ ਤੇ ਉਹਨਾਂ ਨੇ ਚੰਡੀਗੜ੍ਹ ਵਿਚ ਭਾਜਪਾ ਉਮੀਦਵਾਰ ਦੀ ਹਮਾਇਤ ਕਰ ਦਿੱਤੀ ਹੈ।