ਚੰਡੀਗੜ੍ਹ, 29 ਸਤੰਬਰ
ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਬਜ਼ੁਰਗ ਦਿਵਸ 1 ਅਕਤੂਬਰ 2022 ਨੂੰ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ। State level function to celebrate International Elderly Day on October 1 at Ludhiana
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਤੇ ਬਜ਼ੁਰਗ ਵਿਅਕਤੀਆਂ ਦਾ ਅੱਖਾਂ ਦਾ ਮੁਫਤ ਚੈੱਕਅਪ ਕੀਤਾ ਜਾਵੇਗਾ ਅਤੇ ਲੋੜਵੰਦ ਬਜ਼ੁਰਗਾਂ ਨੂੰ ਐਨਕਾਂ ਵੀ ਮੁਫਤ ਦਿੱਤੀਆਂ ਜਾਣਗੀਆਂ।ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਫਾਰਮ ਭਰਨ ਅਤੇ ਪੈਨਸ਼ਨਾਂ ਮਨਜ਼ੂਰ ਕਰਨ ਲਈ ਵੀ ਵਿਭਾਗ ਵੱਲੋਂ ਕੈਂਪ ਲਗਾਇਆ ਜਾਵੇਗਾ। 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਵਿਅਕਤੀਆਂ ਦੇ ਸੀਨੀਅਰ ਸਿਟੀਜ਼ਨ ਕਾਰਡ ਵੀ ਇਸ ਮੌਕੇ ਤੇ ਬਣਾਏ ਜਾਣਗੇ।
ਉਹਨਾਂ ਲੋੜਵੰਦ ਬਜ਼ੁਰਗਾ ਨੂੰ  ਇਸ ਮੌਕੇ ਦਾ ਲਾਭ ਪ੍ਰਾਪਤ ਕਰਨ ਲਈ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਦੇ ਬਜ਼ੁਰਗਾਂ ਦੇ ਮਾਨ ਸਨਮਾਨ ਵਜੋਂ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਬਜ਼ੁਰਗਾਂ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ। ਬਜ਼ੁਰਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ/ ਜਥੇਬੰਦੀਆਂ ਵੀ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਸ਼ਾਮਲ ਹੋਣਗੀਆਂ।