VB registers case against revenue Patwari for taking Rs 3,000 bribe

3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ 
ਪੇਟੀਐਮ ਰਾਹੀਂ 2,000 ਰੁਪਏ ਹੋਰ ਦੀ ਕਰ ਰਿਹਾ ਸੀ ਮੰਗ 
ਚੰਡੀਗੜ੍ਹ, 7 ਫ਼ਰਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਰਛਪਾਲ ਸਿੰਘ ਵਾਸੀ ਪਿੰਡ ਸੈਦੋਕੇ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਜੀਜੇ ਦੀ ਜ਼ਮੀਨ ਦੀ ਮਾਲਕੀ ਧੋਖੇ ਨਾਲ ਬਦਲੇ ਜਾਣ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਪਹਿਲਾਂ ਹੀ ਉਸ ਤੋਂ ਰਿਸ਼ਵਤ ਵਜੋਂ 3000 ਰੁਪਏ ਲੈ ਲਏ ਹਨ ਅਤੇ 2000 ਰੁਪਏ ਦੀ ਦੂਜੀ ਕਿਸ਼ਤ ਉਸ ਦੇ ਪੇਟੀਐਮ ਖਾਤੇ ਵਿੱਚ ਪਾਉਣ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਲੈਣ ਦੀ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਹੈ।
ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।