ਚੰਡੀਗੜ੍ਹ, 10 ਨਵੰਬਰ-

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਇੰਸਪੈਕਟਰ ਇੰਚਾਰਜ/ਐਸ.ਐਚ.ਓ. ਥਾਣਾ ਮਹਿਲਾ ਸੈੱਲ, ਫਾਜ਼ਿਲਕਾ ਵਿਖੇ ਤਾਇਨਾਤ ਬਖਸ਼ੀਸ਼ ਕੌਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।VIGILANCE BUREAU ARRESTS SHO FOR TAKING BRIBE Rs 10,000

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਚ.ਓ. ਨੂੰ ਗੁਰਦਿਆਲ ਸਿੰਘ ਵਾਸੀ ਮੰਡੀ ਹਜ਼ੂਰ ਸਿੰਘ, ਫਾਜ਼ਿਲਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਉਸਦੀ ਧੀ ਨਾਲ ਬਦਸਲੂਕੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਲਈ ਰਿਸ਼ਵਤ ਵਜੋਂ 40,000 ਰੁਪਏ ਦੀ ਮੰਗ ਕਰ ਰਹੀ ਸੀ ਪਰ ਸੌਦਾ 20,000 ਰੁਪਏ ਵਿੱਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਕਤ ਮਹਿਲਾ ਐਸ.ਐਚ.ਓ. ਉਸ ਕੋਲੋਂ ਦੋ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 8,000 ਰੁਪਏ ਪਹਿਲਾਂ ਹੀ ਲੈ ਚੁੱਕੀ ਹੈ ਅਤੇ ਤੀਜੀ ਕਿਸ਼ਤ ਵਜੋਂ 10,000 ਰੁਪਏ ਹੋਰ ਮੰਗ ਰਹੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੁਲਿਸ ਕਰਮਚਾਰਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਮਹਿਲਾ ਐਸ.ਐਚ.ਓ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।