ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਖਿਰਕਾਰ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ।

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਦੋ ਘੰਟੇ ਤੱਕ ਪੁੱਛਗਿੱਛ ਕਰਨ ਤੋਂ ਬਾਅਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਹਾਲਾਂਕਿ ਗ੍ਰਿਫਤਾਰੀ ਦੀ ਤਲਵਾਰ ਕੇਜਰੀਵਾਲ ‘ਤੇ ਲੰਬੇ ਸਮੇਂ ਤੋਂ ਲਟਕ ਰਹੀ ਸੀ, ਜਦੋਂ ਵੀਰਵਾਰ ਨੂੰ ਮੁੱਖ ਮੰਤਰੀ ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਨਾ ਮਿਲੀ ਤਾਂ ਇਹ ਤੈਅ ਹੋ ਗਿਆ ਕਿ ਉਨ੍ਹਾਂ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਵੀਰਵਾਰ ਦੇਰ ਰਾਤ ਈਡੀ ਦੀ ਟੀਮ ਨੇ ਕੇਜਰੀਵਾਲ ਦੇ ਘਰ ਦੀ ਤਲਾਸ਼ੀ ਲਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਹਰ ਕਿਸੇ ਦੇ ਮਨ ਵਿੱਚ ਸਵਾਲ ਉੱਠ ਰਹੇ ਹਨ ਕਿ ਦਿੱਲੀ ਸਰਕਾਰ ਦਾ ਕੀ ਬਣੇਗਾ, ਦਿੱਲੀ ਸਰਕਾਰ ਕਿਵੇਂ ਚੱਲੇਗੀ, ਕੀ ਕੇਜਰੀਵਾਲ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਵਾਂਗ ਅਸਤੀਫਾ ਦੇ ਕੇ ਸੱਤਾ ਦੀ ਵਾਗਡੋਰ ਕਿਸੇ ਹੋਰ ਨੂੰ ਸੌਂਪ ਦੇਣਗੇ ਜਾਂ ਫਿਰ। ਕੀ ਉਹ ਆਪਣੇ ਅਹੁਦੇ ‘ਤੇ ਬਣੇ ਰਹਿਣਗੇ ਅਤੇ ਜੇਲ੍ਹ ਤੋਂ ਸਰਕਾਰ ਚਲਾਉਣਗੇ? ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਨੇ ਅਜਿਹੇ ਸਾਰੇ ਸਵਾਲਾਂ ਦੇ ਜਵਾਬ ਪਹਿਲਾਂ ਹੀ ਤਿਆਰ ਕਰ ਲਏ ਸਨ ਕਿਉਂਕਿ ਉਨ੍ਹਾਂ ਨੂੰ ਪਹਿਲਾਂ ਹੀ ਗ੍ਰਿਫਤਾਰੀ ਦੀ ਉਮੀਦ ਸੀ।

ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਕੋਈ ਪ੍ਰੋਵੀਜਨ ਨਹੀਂ

ਭਾਵੇਂ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ ਪਰ ਸੰਵਿਧਾਨ ਮੁਤਾਬਕ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੋਈ ਪ੍ਰਵੀਜਨ ਨਹੀਂ ਹੈ। ਦੇਸ਼ ਵਿੱਚ ਅਜਿਹਾ ਕੋਈ ਕਾਨੂੰਨ ਨਹੀਂ ਹੈ, ਜੋ ਕਿਸੇ ਵੀ ਪਾਰਟੀ ਜਾਂ ਮੁੱਖ ਮੰਤਰੀ ਨੂੰ ਜੇਲ੍ਹ ਵਿੱਚੋਂ ਸਰਕਾਰ ਚਲਾਉਣ ਤੋਂ ਰੋਕਦਾ ਹੋਵੇ। ਭਾਰਤ ਦੇ ਸੰਵਿਧਾਨ ਵਿੱਚ ਵੀ ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ ਹੈ। ਕਾਨੂੰਨ ਵਿੱਚ ਕਿਹਾ ਗਿਆ ਹੈ ਕਿ ਦੋਸ਼ੀ ਸਾਬਤ ਹੋਣ ਤੋਂ ਪਹਿਲਾਂ ਕੋਈ ਵੀ ਆਗੂ ਜੇਲ੍ਹ ਵਿੱਚ ਰਹਿ ਕੇ ਮੁੱਖ ਮੰਤਰੀ, ਮੰਤਰੀ, ਸੰਸਦ ਮੈਂਬਰ ਅਤੇ ਵਿਧਾਇਕ ਰਹਿ ਸਕਦਾ ਹੈ ਅਤੇ ਜੇਲ੍ਹ ਵਿੱਚ ਰਹਿ ਕੇ ਵੀ ਸਰਕਾਰ ਚਲਾ ਸਕਦਾ ਹੈ। ਇਸ ਮੁਤਾਬਕ ਜੇਲ੍ਹ ਤੋਂ ਦਿੱਲੀ ਦੀ ਸਰਕਾਰ ਚਲਾਉਣ ‘ਚ ਮੁੱਖ ਮੰਤਰੀ ਕੇਜਰੀਵਾਲ ਲਈ ਕੋਈ ਕਾਨੂੰਨੀ ਅੜਚਨ ਨਹੀਂ ਰਹੇਗੀ।

ਇਹ ਵੀ ਪੜ੍ਹੋ : –ਕੀ Kejriwal ਅਸਤੀਫਾ ਦੇਣਗੇ ?

ਆਮ ਆਦਮੀ ਪਾਰਟੀ ਦੇ ਆਗੂ ਖੁੱਲ੍ਹ ਕੇ ਕਹਿ ਰਹੇ ਹਨ ਕਿ ਕੇਜਰੀਵਾਲ ਦਿੱਲੀ ਦੀ ਸਰਕਾਰ ਜੇਲ੍ਹ ਤੋਂ ਹੀ ਚਲਾਉਣਗੇ। ਦਿੱਲੀ ਸਰਕਾਰ ਦੇ ਮੰਤਰੀਆਂ ਸੌਰਭ ਭਾਰਦਵਾਜ ਅਤੇ ਆਤਿਸ਼ੀ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਿੱਲੀ ਸਰਕਾਰ ਨੂੰ ਲੈ ਕੇ ਸਪੱਸ਼ਟ ਵਿਚਾਰ ਰੱਖੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਲ ‘ਚ ਰਹਿ ਕੇ ਹੀ ਕੇਜਰੀਵਾਲ ਸਰਕਾਰ ਚਲਾਉਣਗੇ। ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਹਨ ਅਤੇ ਮੁੱਖ ਮੰਤਰੀ ਹੀ ਰਹਿਣਗੇ। ਜੇਲ੍ਹ ‘ਚ ਰਹਿ ਕੇ ਹੀ ਪਾਰਟੀ ਅਤੇ ਸਰਕਾਰ ਚਲਾਵਾਂਗੇ। ਭਾਜਪਾ ਚਾਹੁੰਦੀ ਹੈ ਕਿ ਹਰ ਕੋਈ ਜੇਲ੍ਹ ਵਿੱਚ ਹੋਵੇ ਅਤੇ ਦਿੱਲੀ ਵਿੱਚ ਮੁਫਤ ਸਿੱਖਿਆ, ਮੁਫਤ ਬਿਜਲੀ, ਮੁਫਤ ਪਾਣੀ, ਮੁਫਤ ਤੀਰਥ ਯਾਤਰਾ ਅਤੇ ਮੁਹੱਲਾ ਕਲੀਨਿਕਾਂ ਨੂੰ ਬੰਦ ਕੀਤਾ ਜਾਵੇ, ਪਰ ਅਰਵਿੰਦ ਕੇਜਰੀਵਾਲ ਅਜਿਹਾ ਨਹੀਂ ਹੋਣ ਦੇਣਗੇ। ਜੇਲ੍ਹ ਵਿੱਚ ਰਹਿੰਦਿਆਂ ਸਰਕਾਰ ਚਲਾਈ ਜਾਵੇਗੀ।

ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ

ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮਨਿਵਾਸ ਗੋਇਲ ਨੇ ਸਾਫ ਕਹਿ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ। ਜੇਲ੍ਹ ‘ਚ ਰਹਿ ਕੇ ਕੇਜਰੀਵਾਲ ਸਰਕਾਰ ਚਲਾਉਣਗੇ। ਦਿੱਲੀ ਦੇ ਲੋਕਾਂ ਤੋਂ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਕੌਂਸਲਰਾਂ ਅਤੇ ਰਾਜ ਸਭਾ ਸੰਸਦ ਮੈਂਬਰਾਂ ਤੱਕ ਇਹ ਤੈਅ ਹੋਇਆ ਸੀ ਕਿ ਕੇਜਰੀਵਾਲ ਦਿੱਲੀ ਦੀ ਸਰਕਾਰ ਜੇਲ੍ਹ ਤੋਂ ਹੀ ਚਲਾਉਣਗੇ। ਸਪੀਕਰ ਨੇ ਕਿਹਾ ਕਿ ਤੁਸੀਂ ਚਾਹੋ ਤਾਂ ਸਾਨੂੰ ਵੀ ਗ੍ਰਿਫਤਾਰ ਕਰ ਸਕਦੇ ਹੋ ਪਰ ਕੇਜਰੀਵਾਲ ਸਰਕਾਰ ਬਣੀ ਰਹੇਗੀ।